ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਦੇ ਪ੍ਰਚਾਰ ਪ੍ਰਸਾਰ ਨੂੰ ਹੋਰ ਤੇਜ਼ ਕਰਨ ਦੇ ਮੰਤਵ ਨਾਲ ਆਰੰਭ ਕੀਤੀ ਜਾ ਰਹੀ ਚਲਦਾ ਵਹੀਰ ਗੁਰਮਤਿ ਸਮਾਗਮ ਲਹਿਰ ਆਰੰਭ ਕਰਨ ਲਈ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਮਾਝਾ ਜੋਨ ਦੇ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਦੇ ਨਾਲ-ਨਾਲ ਵੱਖ-ਵੱਖ ਸਿੱਖ ਮਿਸ਼ਨਾਂ ਦੇ ਇੰਚਾਰਜਾਂ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ।
ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਮੰਤਵ ਸਿੱਖ ਸਿਧਾਂਤਾਂ ਅਤੇ ਗੁਰਮਤਿ ਵਿਚਾਰਧਾਰਾ ਨੂੰ ਘਰ- ਘਰ ਪਹੁੰਚਾਉਣਾ ਹੈ। ਇਸ ਮਕਸਦ ਦੀ ਪੂਰਤੀ ਲਈ ਧਰਮ ਪ੍ਰਚਾਰ ਕਮੇਟੀ ਵੱਲੋਂ ਚਲਦਾ ਵਹੀਰ ਗੁਰਮਤਿ ਸਮਾਗਮ ਲਹਿਰ ਤਹਿਤ ਹਰ ਹਲਕੇ ਵਿਚ ਗੁਰਮਤਿ ਸਮਾਗਮ ਕਰਵਾਏ ਜਾਣਗੇ। ਵੱਖ-ਵੱਖ ਪਿੰਡਾਂ ਵਿਚ ਸਵੇਰ-ਸ਼ਾਮ ਦੇ ਸਮਾਗਮ ਕਰਕੇ ਇੱਕ ਮੁੱਖ ਸਮਾਗਮ ਕੀਤਾ ਜਾਵੇਗਾ, ਜਿਸ ਵਿਚ ਸਿੰਘ ਸਾਹਿਬਾਨ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਸੰਗਤਾਂ ਨਾਲ ਗੁਰ-ਇਤਿਹਾਸ ਦੀ ਸਾਂਝ ਪਾਉਣਗੇ। ਉਨ੍ਹਾਂ ਕਿਹਾ ਕਿ ਇਸ ਦੌਰਾਨ ਵਿਸ਼ੇਸ਼ ਤੌਰ ’ਤੇ ਅੰਮ੍ਰਿਤ ਸੰਚਾਰ ਸਮਾਗਮ ਵੀ ਕਰਵਾਏ ਜਾਣਗੇ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖਿਆ, ਸਿਹਤ ਸੇਵਾਵਾਂ ਅਤੇ ਧਰਮ ਪ੍ਰਚਾਰ ਦੇ ਖੇਤਰ ਵਿਚ ਕੀਤੇ ਜਾ ਰਹੇ ਕਾਰਜਾਂ ਨੂੰ ਸੰਗਤ ਤੱਕ ਪਹੁੰਚਾਉਣਾ ਜ਼ਰੂਰੀ ਹੈ। ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹਦੇ ਬੱਚਿਆਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ, ਵਜ਼ੀਫ਼ੇ ਅਤੇ ਅੰਮ੍ਰਿਤਧਾਰੀ ਪਰਿਵਾਰਾਂ ਦੇ ਬੱਚਿਆਂ ਨੂੰ ਫੀਸਾਂ ਵਿਚ ਦਿੱਤੀ ਜਾਂਦੀ ਛੋਟ ਵਰਗੇ ਉਪਰਾਲਿਆਂ ਬਾਰੇ ਵੀ ਸੰਗਤ ਨੂੰ ਜਾਣਕਾਰੀ ਦੇਣ ਦੀ ਲੋੜ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕ ਜਥਿਆਂ ਵੱਲੋਂ ਪਹਿਲਾਂ ਵੀ ਧਰਮ ਪ੍ਰਚਾਰ ਕਾਰਜਾਂ ਨੂੰ ਪੂਰੀ ਜ਼ੁੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਇਆ ਜਾਂਦਾ ਹੈ ਅਤੇ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਇਸ ਲਹਿਰ ਵਿਚ ਵੀ ਸਾਰੇ ਆਪਣੀ ਬਣਦੀ ਜ਼ੁੰਮੇਵਾਰੀ ਬਾਖ਼ੂਬੀ ਨਿਭਾਉਣਗੇ। ਇਸ ਦੌਰਾਨ ਅੰਤ੍ਰਿੰਗ ਕਮੇਟੀ ਦੇ ਮੈਂਬਰ ਬੀਬੀ ਹਰਜਿੰਦਰ ਕੌਰ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ ਤੇ ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ ਨੇ ਵੀ ਸੰਬੋਧਨ ਕਰਦਿਆਂ ਪ੍ਰਚਾਰਕ ਸਿੰਘਾਂ ਨੂੰ ਗੁਰਮਤਿ ਪ੍ਰਚਾਰ ਦੇ ਨਾਲ-ਨਾਲ ਸਿੱਖ ਸੰਸਥਾ ਦੀਆਂ ਪ੍ਰਾਪਤੀਆਂ ਨੂੰ ਸੰਗਤ ਨਾਲ ਸਾਂਝੇ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬੀਬੀ ਹਰਜਿੰਦਰ ਕੌਰ, ਮੈਂਬਰ ਸ. ਹਰਭਜਨ ਸਿੰਘ ਮਸਾਣਾ, ਓਐਸਡੀ ਸ. ਸਤਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਸ. ਬਿਜੈ ਸਿੰਘ, ਮੀਤ ਸਕੱਤਰ ਸ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਡਾ. ਰਾਜਵਿੰਦਰ ਸਿੰਘ ਜੋਗਾ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਸ. ਗੁਰਮੀਤ ਸਿੰਘ ਸੈਣੀ, ਸਿੱਖ ਮਿਸ਼ਨ ਦੇ ਇੰਚਾਰਜ ਸ. ਸੁਖਵਿੰਦਰ ਸਿੰਘ, ਸ. ਜਸਬੀਰ ਸਿੰਘ ਲੌਂਗੋਵਾਲ, ਸ. ਹਰਭਿੰਦਰ ਸਿੰਘ, ਸ. ਅਜੀਤ ਸਿੰਘ ਸਮੇਤ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥੇ ਹਾਜ਼ਰ ਸਨ।
ਕੀਨੀਆ ’ਚ ਹੋਏ ਅੰਤਰਟਰਾਸ਼ਟਰੀ ਮਹਿਲਾ ਅਧਿਆਤਮਿਕ ਸੇਵਾ ਸੰਮੇਲਨ ’ਚ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਤੋਂ ਭਾਗ ਲੈਣ ਵਾਲੀਆਂ ਬੱਚੀਆਂ ਨੂੰ ਕੀਤਾ ਗਿਆ ਸਨਮਾਨਿਤ
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੀਆਂ ਵਿਦਿਅਕ ਸੰਸਥਾਵਾਂ ਵਿਚ ਪੜ੍ਹਨ ਵਾਲੀਆਂ 10 ਬੱਚੀਆਂ, ਜਿਨ੍ਹਾਂ ਨੇ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਵੱਲੋਂ ਕੀਨੀਆ ਵਿਖੇ ਕਰਵਾਏ ਗਏ ਅੰਤਰਰਾਸ਼ਟਰੀ ਮਹਿਲਾ ਅਧਿਆਤਮਿਕ ਸੇਵਾ ਸੰਮੇਲਨ ਵਿਚ ਭਾਗ ਲਿਆ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਨਮਾਨਿਤ ਕੀਤਾ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਵਿੱਚੋਂ ਇਨ੍ਹਾਂ 10 ਬੱਚੀਆਂ ਦੀ ਚੋਣ ਕੀਤੀ ਗਈ ਸੀ, ਜਿਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬੀਬੀ ਹਰਜਿੰਦਰ ਕੌਰ ਦੀ ਅਗਵਾਈ ਹੇਠ ਉਕਤ ਸਮਾਗਮ ਵਿਚ ਸ਼ਮੂਲੀਅਤ ਕੀਤੀ ਸੀ। ਸਿੱਖ ਬੱਚੀਆਂ ਨੂੰ ਇੰਟਰਫੇਥ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਗੁਰਮਤਿ ਜੀਵਨ ਜਾਂਚ ਤੋਂ ਇਲਾਵਾ ਵਿਸ਼ਵ ਪੱਧਰ ਦੀਆਂ ਸਿੱਖ ਸ਼ਖ਼ਸੀਅਤਾਂ ਨਾਲ ਵਿਚਾਰਾਂ ਦੀ ਸਾਂਝ ਪਾਉਣ ਲਈ ਗੁਰਮਤਿ ਅਨੁਸਾਰੀ ਵਾਤਾਵਰਣ ਸਿਰਜਣ ਦਾ ਯਤਨ ਕੀਤਾ। ਬੱਚੀਆਂ ਦੇ ਸਨਮਾਨ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਵਿਦਿਅਕ ਸੰਸਥਾਵਾਂ ਦਾ ਮਕਸਦ ਵਿਦਿਆ ਵਿਚ ਨਿਪੁੰਨ ਕਰਨ ਦੇ ਨਾਲ-ਨਾਲ ਬੱਚਿਆਂ ਨੂੰ ਗੁਰਮਤਿ ਅਨੁਸਾਰ ਜੀਵਨ ਜਾਂਚ ਸਿਖਾਉਣੀ ਵੀ ਹੈ। ਉਨ੍ਹਾਂ ਕਿਹਾ ਕਿ ਬੱਚੀਆਂ ਵੱਲੋਂ ਕੀਨੀਆ ਵਿਖੇ ਗੁਰਮਤਿ ਸਮਾਗਮ ਵਿਚ ਸ਼ਮੂਲੀਅਤ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ।