ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਦੇ ਆਗੂ ਅਤੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐੱਚ ਐੱਸ ਫੂਲਕਾ ਨੇ ਆਮ ਆਦਮੀ ਪਾਰਟੀ ਉੱਤੇ 10 ਅਕਤੂਬਰ ਦੇ ਰੋਸ ਪ੍ਰਦਰਸ਼ਨ ਦੀ ਆੜ ਹੇਠ ਗੁਰਦੁਆਰਾ ਬੰਗਲਾ ਸਾਹਿਬ ਦੀ ਘਟਨਾ ਬਾਰੇ ਝੂਠਾ ਪ੍ਰਚਾਰ ਕਰ ਕੇ ਪੰਜਾਬ ਦੀ ਅਮਨ-ਸਾਂਤੀ ਭੰਗ ਕਰਨ ਦੀ ਸਾਜ਼ਿਸ਼ ਕਰਨ ਦਾ ਇਲਜ਼ਾਮ ਲਾਇਆ ਹੈ। ਐਡਵੋਕੇਟ ਫੂਲਕਾ ਚੰਡੀਗੜ੍ਹ ਵਿੱਚ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਆਗੂ ਐੱਸਐੱਸ ਚੰਨੀ, ਪਰਮਪਾਲ ਕੌਰ ਮਲੂਕਾ ਅਤੇ ਪਾਰਟੀ ਦੇ ਸਟੇਟ ਮੀਡੀਆ ਕੋਆਰਡੀਨੇਟਰ ਵਿਨੀਤ ਜੋਸ਼ੀ ਵੀ ਹਾਜ਼ਰ ਸਨ।
ਐਡਵੋਕੇਟ ਫੂਲਕਾ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਰਗੇ ਪਵਿੱਤਰ ਅਸਥਾਨ ਨੂੰ ਸਿਆਸੀ ਪ੍ਰਦਰਸ਼ਨਾਂ ਦਾ ਕੇਂਦਰ ਬਣਾਉਣ ਦੀ ਕੋਸ਼ਿਸ਼ ਬੇਹੱਦ ਮੰਦਭਾਗੀ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੇ ਦਾਅਵਿਆਂ ਨੂੰ ਰੱਦ ਕੀਤਾ ਕਿ ਗੁਰਦੁਆਰਾ ਸਾਹਿਬ ਦੀ ਹਦੂਰ ਵਿੱਚੋਂ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ, ਜਿਸ ਨੂੰ ਅਧਾਰ ਬਣਾ ਕੇ ‘ਆਪ’ ਦਾ ਵਫ਼ਦ ਸ੍ਰੀ ਅਕਾਲ ਤਖਤ ਸਾਹਿਬ ਸ਼ਿਕਾਇਤ ਕਰਨ ਵੀ ਗਿਆ ਸੀ।
ਐਡਵੋਕੇਟ ਫੂਲਕਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧੀ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੇ ਦਾਅਵੇ ਵਿੱਚ ਦਮ ਹੈ ਤਾਂ ਉਹ ਵੀਡੀਓ ਜਾਰੀ ਕਰਨ, ਜਿਸ ਨਾਲ ਇਹ ਸਾਬਿਤ ਹੋਵੇ ਕਿ ਗੁਰਦੁਆਰੇ ਦੀ ਹਦੂਦ ਵਿਚ ਕੁੜੀਆਂ ਨਾਲ ਦੁਰਵਿਹਾਰ ਕੀਤਾ ਗਿਆ, ਜਿਵੇਂ ਉਨ੍ਹਾਂ ਦਾਅਵਾ ਕੀਤਾ ਹੈ।
ਫੂਲਕਾ ਨੇ ਦੱਸਿਆ ਕਿ ਅਸਲ ਵਿੱਚ ਪ੍ਰਦਰਸ਼ਨਕਾਰੀ ਗੁਰਦੁਆਰੇ ਦੇ ਗੇਟ ਅੰਦਰ ਗਏ, ਉਨ੍ਹਾਂ ਉੱਥੇ ਪੋਸਟਰ ਲਹਿਰਾਏ, ਨਾਅਰੇ ਲਾਏ ਅਤੇ ਸਿਆਸੀ ਭਾਸ਼ਣ ਦਿੱਤੇ। ਉਨ੍ਹਾਂ ਨੂੰ ਸੇਵਾਦਾਰਾਂ ਨੇ ਰੋਕਿਆ ਪਰ ਉਨ੍ਹਾਂ ਪ੍ਰਬੰਧਕਾਂ ਦੀ ਗੱਲ ਨਹੀਂ ਮੰਨੀ। ਇਨ੍ਹਾਂ ਵਿਚੋਂ ਬਹੁਤੇ ਆਮ ਆਦਮ ਪਾਰਟੀ ਦੇ ਸਮਰਥਕ ਸਨ।
ਫੂਲਕਾ ਨੇ ਕਿਹਾ ਕਿ ਦਿੱਲੀ ਪੁਲਿਸ ਗੁਰਦੁਆਰਾ ਸਾਹਿਬ ਦੇ ਮੁੱਖ ਗੇਟ ਦੇ ਬਾਹਰ ਹੀ ਰਹੀ ਅਤੇ ਪ੍ਰਦਰਸ਼ਨਕਾਰੀਆਂ ਨੂੰ ਬਾਹਰੋਂ ਹਿਰਾਸਤ ਵਿੱਚ ਲਿਆ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਸੇਵਾਦਾਰਾਂ ਨੇ ਪੁਲਿਸ ਨੂੰ ਸਪੱਸ਼ਟ ਕੀਤਾ ਸੀ ਕਿ ਗੁਰਦੁਆਰਾ ਹਦੂਦ ਅੰਦਰ ਕਾਰਵਾਈ ਕਰਨ ਦੀ ਬਜਾਏ ਮਰਿਆਦਾ ਦਾ ਸਤਿਕਾਰ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਬਾਅਦ ਵਿੱਚ ਪੁਲਿਸ ਦੀ ਇੱਕ ਵੀਡੀਓ ਜਾਰੀ ਕਰਕੇ ਉਸ ਨੂੰ ਗੁਰਦੁਆਰਾ ਕੰਪਲੈਕਸ ਦੇ ਅੰਦਰ ਦੀ ਘਟਨਾ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ, ਜਦਕਿ ਉਨ੍ਹਾਂ ਮੁਤਾਬਕ ਵੀਡੀਓ ਵਿੱਚ ਦਿਖਾਇਆ ਗਿਆ ਰਸਤਾ ਕੰਪਲੈਕਸ ਤੋਂ ਬਾਹਰ ਹੈ। ਫੂਲਕਾ ਨੇ ਕਿਹਾ ਕਿ ਪੂਰੀ ਸੀਸੀਟੀਵੀ ਫੁਟੇਜ ਅਤੇ ਉਪਲੱਬਧ ਵੀਡੀਓਜ਼ ਦੀ ਨਿਰਪੱਖ ਜਾਂਚ ਨਾਲ ਸੱਚਾਈ ਸਾਹਮਣੇ ਆਉਣੀ ਚਾਹੀਦੀ ਹੈ।
ਫੂਲਕਾ ਨੇ ਕਿਹਾ ਕਿ ਕੇਜਰੀਵਾਲ ਅਤੇ ‘ਆਪ’ ਨੂੰ ਸਿਆਸਤ ਤੋਂ ਉੱਪਰ ਉੱਠ ਕੇ ਧਾਰਮਿਕ ਅਸਥਾਨਾਂ ਦੀ ਮਰਿਆਦਾ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਪੰਜਾਬ ਦੀ ਅਮਨ-ਸ਼ਾਂਤੀ ਨਾਲ ਖਿਲਵਾੜ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।