ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਬੰਗਲਾ ਸਾਹਿਬ ਅੰਦਰ ਹੋਏ ਰੋਸ ਮੁਜ਼ਾਹਰੇ ਨੂੰ ਲੈ ਕੇ ਆਮ ਆਦਮੀ ਪਾਰਟੀ ਨਾਲ ਜੁੜੇ ਵਰਕਰਾਂ ਦੀ ਸ਼ਮੂਲੀਅਤ ਦੇ ਵੀਡੀਓ ਸਬੂਤ ਜਾਰੀ ਕਰਦਿਆਂ ਕਿਹਾ ਹੈ ਕਿ ਹੁਣ ਇਸ ਮਾਮਲੇ ਦੀ ਅਸਲੀ ਤਸਵੀਰ ਸਾਹਮਣੇ ਆ ਗਈ ਹੈ। ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਵੀਡੀਓ ਵਿੱਚ ਇੱਕ ਮਹਿਲਾ ਅਤੇ ਇੱਕ ਪੁਰਸ਼ ਨੂੰ ‘ਆਪ’ ਦੀਆਂ ਸਿਆਸੀ ਗਤੀਵਿਧੀਆਂ ਨਾਲ ਸਰਗਰਮੀ ਨਾਲ ਜੁੜਿਆ ਦਿਖਾਇਆ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਿਆਸੀ ਮਕਸਦ ਨਾਲ ਗੁਰਦੁਆਰਾ ਸਾਹਿਬ ਦੀ ਮਾਣ-ਮਰਿਆਦਾ ਨੂੰ ਲੈ ਕੇ ਜਾਣਬੁੱਝ ਕੇ ਗਲਤ ਬਿਰਤਾਂਤ ਖੜ੍ਹਾ ਕੀਤਾ ਜਾ ਰਿਹਾ ਹੈ ਅਤੇ ਦਿੱਲੀ ਕਮੇਟੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਹੋ ਰਹੀ ਹੈ। ਕਾਲਕਾ ਤੇ ਕਾਹਲੋਂ ਨੇ ਮਨਜੀਤ ਸਿੰਘ ਜੀ.ਕੇ. ਅਤੇ ਪਰਮਜੀਤ ਸਿੰਘ ਸਰਨਾ ’ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਪੁਲਿਸ ਦੇ ਗੁਰਦੁਆਰਾ ਸਾਹਿਬ ਦੇ ਅੰਦਰ ਦਾਖਲੇ ਨੂੰ ਲੈ ਕੇ ਸਿਆਸਤ ਕਰ ਰਹੇ ਹਨ, ਜਦਕਿ ਕਮੇਟੀ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਪਹਿਲਾਂ ਹੀ ਸਪਸ਼ਟ ਕਰ ਦਿੱਤਾ ਗਿਆ ਸੀ ਕਿ ਗੁਰੂ ਘਰ ਅੰਦਰ ਕਿਸੇ ਤਰ੍ਹਾਂ ਦੀ ਕਾਰਵਾਈ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਚੁਣੌਤੀ ਦਿੱਤੀ ਕਿ ਜੇ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ’ਤੇ ਜ਼ਬਰਦਸਤੀ ਜਾਂ ਲਾਠੀਚਾਰਜ ਕੀਤਾ ਗਿਆ ਸੀ ਤਾਂ ਇਸ ਦੀ ਵੀਡੀਓ ਪੇਸ਼ ਕੀਤੀ ਜਾਵੇ। ਆਗੂਆਂ ਨੇ ਕਿਹਾ ਕਿ ਦਿੱਲੀ ਕਮੇਟੀ ਨੇ ‘ਆਪ’ ਆਗੂਆਂ ਖ਼ਿਲਾਫ਼ ਮਾਮਲਾ ਦਰਜ ਕਰਵਾਇਆ ਹੈ, ਫਿਰ ਵੀ ਕੁਝ ਸਿਆਸੀ ਆਗੂਆਂ ਨੂੰ ਇਸ ’ਤੇ ਇਤਰਾਜ਼ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਵੀਡੀਓ ਸਬੂਤਾਂ ਨੇ ਸਿਆਸੀ ਬਿਰਤਾਂਤ ਅਤੇ ਜ਼ਮੀਨੀ ਹਕੀਕਤ ਵਿਚਲਾ ਫ਼ਰਕ ਸਪਸ਼ਟ ਕਰ ਦਿੱਤਾ ਹੈ।