ਮੋਹਾਲੀ -ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੀ ਸਖ਼ਤ ਨਿਖੇਧੀ ਕਰਦਿਆਂ ਸਮੂਹ ਪੰਜਾਬੀਆਂ ਨੂੰ 15 ਅਕਤੂਬਰ ਦੇ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਐਲਾਨ ਕੀਤਾ ਕਿ ਮਿਸਲ ਸਤਲੁਜ ਪਾਰਟੀ ਵੱਲੋਂ ਬੰਦ ਨੂੰ ਸਫ਼ਲ ਬਣਾਉਣ ਲਈ ਸਰਗਰਮ ਯੋਗਦਾਨ ਪਾਇਆ ਜਾਵੇਗਾ।
ਸਰਦਾਰ ਬਰਾੜ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਕਾਰੋਬਾਰ ਅਤੇ ਗ਼ੈਰ-ਕਾਨੂੰਨੀ ਸਰਗਰਮੀਆਂ ਵੱਧ ਰਹੀਆਂ ਹਨ, ਜਦਕਿ ਪੰਜਾਬ ਸਰਕਾਰ ਨਸ਼ਿਆਂ ਦੇ ਖ਼ਾਤਮੇ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀਆਂ ਜਾਨਾਂ ਹੀ ਸੁਰੱਖਿਅਤ ਨਹੀਂ ਹਨ ਤਾਂ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਦਾਅਵਿਆਂ ਦਾ ਕੀ ਅਰਥ ਰਹਿ ਜਾਂਦਾ ਹੈ?
ਉਨ੍ਹਾਂ ਕਿਹਾ ਕਿ ਪਰਮਿੰਦਰ ਸਿੰਘ ਝੋਟੇ ਦਾ ਕਤਲ ਪੰਜਾਬ ਰਾਜ ਦੀ ਅਮਨ-ਕਾਨੂੰਨ ਦੀ ਸਥਿਤੀ 'ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਿੱਚ ਅਸਫਲ ਸਾਬਤ ਹੋ ਰਿਹਾ ਹੈ ਅਤੇ ਨਸ਼ਾ ਤਸਕਰਾਂ ਦੇ ਵਧਦੇ ਹੌਸਲੇ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਜ਼ੋਰ ਦਿੱਤਾ ਕਿ ਪੰਜਾਬ ਸਰਕਾਰ ਨੂੰ ਸਿਰਫ਼ ਬਿਆਨਾਂ ਦੀ ਬਜਾਏ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਠੋਸ ਕਾਰਵਾਈ ਕਰਨੀ ਚਾਹੀਦੀ ਹੈ।
ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਸਰਦਾਰ ਬਰਾੜ ਨੇ ਦੋਸ਼ ਲਾਇਆ ਕਿ ਸੂਬੇ ਦੇ ਸਰਮਾਏ ਦੀ ਵਰਤੋਂ ਲੋਕ ਭਲਾਈ ਦੀ ਬਜਾਏ ਸਿਆਸੀ ਹਿੱਤਾਂ ਲਈ ਕੀਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਦਿੱਲੀ ਦੀ ਲੀਡਰਸ਼ਿਪ ਦੇ ਇਸ਼ਾਰਿਆਂ 'ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅਜਿਹੇ ਪ੍ਰਸ਼ਾਸਨ ਦੀ ਲੋੜ ਹੈ ਜੋ ਨੌਜਵਾਨਾਂ ਦੇ ਭਵਿੱਖ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਏ।
ਪਟਿਆਲਾ ਦਿਹਾਤੀ ਤੋਂ ਪਾਰਟੀ ਦੇ ਉਮੀਦਵਾਰ ਸਰਦਾਰ ਮਨਜੀਤ ਸਿੰਘ ਚਾਹਲ ਨੇ ਮੰਗ ਕੀਤੀ ਕਿ ਝੋਟੇ ਦੇ ਕਤਲ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਈਆਂ ਜਾਣ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲੇ।
ਸਰਦਾਰ ਬਰਾੜ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਨੈਤਿਕ ਜ਼ਿੰਮੇਵਾਰੀ ਸਵੀਕਾਰ ਕਰਦਿਆਂ ਅਸਤੀਫ਼ਾ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਬੰਦ ਨਸ਼ਿਆਂ ਦੇ ਖ਼ਾਤਮੇ, ਲੋਕਾਂ ਦੀ ਸੁਰੱਖਿਆ ਅਤੇ ਇਨਸਾਫ਼ ਦੀ ਮੰਗ ਨੂੰ ਬੁਲੰਦ ਕਰਨ ਦਾ ਮੌਕਾ ਹੈ। ਉਨ੍ਹਾਂ ਕਿਹਾ ਕਿ ਮਿਸ ਸਤਲੁਜ ਪਾਰਟੀ ਦੇ ਆਗੂ ਅਤੇ ਵਰਕਰ ਵੱਖ-ਵੱਖ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿੱਚ ਬੰਦ ਲਈ ਤਿਆਰੀਆਂ ਕਰ ਰਹੇ ਹਨ।