ਸ੍ਰੀ ਅੰਮ੍ਰਿਤਸਰ-ਬੀਤੇ ਦਿਨੀਂ ਮਾਨਸਾ ਵਿਖੇ ਪੰਜਾਬ ਅੰਦਰ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲ ਭਾਈ ਪਰਵਿੰਦਰ ਸਿੰਘ (ਝੋਟਾ) ਦੇ ਕਤਲ ਦੀ ਘਟਨਾ ਉਪਰੰਤ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਪੀੜਤ ਪਰਿਵਾਰ ਨੂੰ ਮਿਲਣ ਲਈ ਮਾਨਸਾ ਪਹੁੰਚੇ ਅਤੇ ਉਨ੍ਹਾਂ ਨਾਲ ਸੰਵੇਦਨਾ ਪ੍ਰਗਟ ਕੀਤੀ। ਇਸ ਦੌਰਾਨ ਉਨ੍ਹਾਂ ਭਾਈ ਪਰਵਿੰਦਰ ਸਿੰਘ ਨੂੰ ਸ਼ਹੀਦ ਦਾ ਦਰਜਾ ਦਿੱਤਾ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼ਹੀਦ ਭਾਈ ਪਰਵਿੰਦਰ ਸਿੰਘ ਦੇ ਨਮਿਤ ਅਰਦਾਸ ਕੀਤੀ ਜਿਸ ਵਿੱਚ ਉਨ੍ਹਾਂ ਦੇ ਪਿਤਾ ਭੀਮ ਸਿੰਘ, ਹੋਰ ਪਰਿਵਾਰਕ ਮੈਂਬਰਾਂ ਅਤੇ ਹਾਜ਼ਰ ਸੰਗਤ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਅਰਦਾਸ ਕੀਤੀ ਕਿ ਪੰਜਾਬ ਅੰਦਰ ਜਵਾਨੀ ਨੂੰ ਨਸ਼ਿਆਂ ਦੀ ਓਵਰਡੋਜ਼ ਅਤੇ ਨਸ਼ਿਆਂ ਦਾ ਵਿਰੋਧ ਕਰਨ ਦੇ ਕਰਕੇ ਮਾਰਿਆ ਜਾ ਰਿਹਾ ਹੈ, ਇਸੇ ਹੀ ਸੰਘਰਸ਼ ਵਿੱਚ ਜੱਦੋ-ਜਹਿਦ ਕਰਦਿਆਂ ਭਾਈ ਪਰਵਿੰਦਰ ਸਿੰਘ ਸ਼ਹੀਦ ਹੋ ਗਏ ਹਨ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਨਸ਼ਿਆਂ ਵਿਰੁੱਧ ਜੋ ਸੰਘਰਸ਼ ਭਾਈ ਪਰਵਿੰਦਰ ਸਿੰਘ ਨੇ ਸ਼ੁਰੂ ਕੀਤਾ ਹੈ ਅਤੇ ਹੁਣ ਇਨਸਾਫ਼ ਲਈ ਤੇ ਨਸ਼ਿਆਂ ਦਾ ਲੱਕ ਤੋੜਣ ਲਈ ਜੋ ਪਰਿਵਾਰ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ ਉਸ ਨੂੰ ਚੜ੍ਹਦੀ ਕਲਾ ਬਖਸ਼ਣ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਵੱਸਣ ਵਾਲੇ ਸਮੂਹ ਹਿੰਦੂ, ਸਿੱਖ, ਮੁਸਲਿਮ ਅਤੇ ਹੋਰ ਭਾਈਚਾਰਿਆਂ ਨੂੰ ਇਕਜੁੱਟ ਹੋ ਕੇ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਦਾ ਬਲ ਅਤੇ ਉਦਮ ਬਖ਼ਸ਼ਿਸ਼ ਕਰਨਾ। ਉਨ੍ਹਾਂ ਅਰਦਾਸ ਕੀਤੀ ਕਿ ਪੰਜਾਬ ਦੀ ਜਵਾਨੀ ਨੂੰ ਕਰਤਾ ਪੁਰਖ ਆਪ ਹੱਥ ਦੇ ਕੇ ਬਚਾਉਣ।
ਇਸ ਮੌਕੇ ਜਥੇਦਾਰ ਗੜਗੱਜ ਨੇ ਭਾਈ ਪਰਵਿੰਦਰ ਸਿੰਘ ਦੇ ਦੋਵੇਂ ਪੁੱਤਰਾਂ ਨੂੰ ਪਿਆਰ ਨਾਲ ਗਲਵਕੜੀ ਵਿੱਚ ਲਿਆ ਅਤੇ ਉਨ੍ਹਾਂ ਨੂੰ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹਿਣ ਲਈ ਥਾਪੜਾ ਦਿੱਤਾ। ਉਨ੍ਹਾਂ ਸਮੂਹ ਪੰਥ ਤੇ ਪੰਜਾਬ ਨੂੰ ਭਾਈ ਪਰਵਿੰਦਰ ਸਿੰਘ ਦੇ ਪਰਿਵਾਰ ਦਾ ਵੱਧ ਤੋਂ ਵੱਧ ਸਹਿਯੋਗ ਕਰਨ ਦੀ ਅਪੀਲ ਕੀਤੀ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਈ ਪਰਵਿੰਦਰ ਸਿੰਘ ਨੂੰ ਸ਼ਹੀਦ ਦਾ ਦਰਜਾ ਦੇ ਕੇ ਸਨਮਾਨ ਦਿੱਤਾ। ਉਨ੍ਹਾਂ ਕਿਹਾ ਕਿ ਭਾਈ ਪਰਵਿੰਦਰ ਸਿੰਘ ਕੌਮ ਦਾ ਸ਼ਹੀਦ ਹੈ ਜਿਸ ਕੋਲ ਜੀਣ ਦਾ ਰਸਤਾ ਸੀ ਪਰ ਉਸ ਨੇ ਫਿਰ ਵੀ ਲੋਕਾਂ ਤੇ ਨੌਜਵਾਨਾਂ ਲਈ ਸੰਘਰਸ਼ ਕਰਦਿਆਂ ਸ਼ਹਾਦਤ ਦਾ ਰਾਹ ਚੁਣਿਆ। ਉਨ੍ਹਾਂ ਕਿਹਾ ਕਿ ਭਾਈ ਪਰਵਿੰਦਰ ਸਿੰਘ ਨੂੰ ਨਸ਼ੇ ਦੇ ਸੌਦਾਗਰ ਨੇ ਸ਼ਰੇਆਮ ਸਰਕਾਰੀ ਸ਼ੈਅ ਉੱਤੇ ਗੋਲੀਆਂ ਮਾਰੀਆਂ। ਉਨ੍ਹਾਂ ਪੁਲਿਸ ਪ੍ਰਸ਼ਾਸਨ ਦੀ ਭਾਈ ਪਰਵਿੰਦਰ ਸਿੰਘ ਵਿਰੁੱਧ ਕਈ ਪਰਚਿਆਂ ਦੀ ਕਾਰਗੁਜ਼ਾਰੀ ਉੱਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਜਿਹੜੇ ਵੀ ਜਵਾਨ ਨਸ਼ਿਆਂ ਵਿਰੁੱਧ ਅਵਾਜ਼ ਉਠਾ ਰਹੇ ਹਨ ਉਨ੍ਹਾਂ ਨੂੰ ਨਿਸ਼ਾਨਾ ਬਣਾ ਕੇ ਮਾਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਸ਼ਰੀਰ ਤਾਂ ਮੁਕਾਇਆ ਜਾ ਸਕਦਾ ਹੈ ਪਰ ਸੋਚ ਨਹੀਂ, ਪੰਜਾਬ ਦੇ ਅਣਖੀ ਲੋਕ ਇਸ ਦਾ ਕਰੜਾ ਵਿਰੋਧ ਕਰਨਗੇ।
ਉਨ੍ਹਾਂ ਕਿਹਾ ਕਿ ਭਾਈ ਪਰਵਿੰਦਰ ਸਿੰਘ ਦੇ ਇਨਸਾਫ਼ ਲਈ ਬਣੀ ਕਮੇਟੀ ਵੱਲੋਂ ਦਿੱਤੇ ਜਾਣ ਵਾਲੇ ਪ੍ਰੋਗਰਾਮ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰੋੜ੍ਹਤਾ ਕਰਦਾ ਹੈ। ਉਨ੍ਹਾਂ ਪੰਜਾਬ ਕੇ ਮੰਤਰੀ ਵੱਲੋਂ ਇਸ ਮਾਮਲੇ ਨੂੰ ਨਿਜੀ ਰੰਜ਼ਿਸ਼ ਦਾ ਮਾਮਲਾ ਕਹਿਣ ਦੀ ਵੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਸ਼ਰਮ ਦੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਇਸ ਮਾਮਲੇ ਨੂੰ ਨਿਜੀ ਰੰਜ਼ਿਸ਼ ਦੀ ਰੰਗਤ ਦੇ ਕੇ ਭਾਈ ਪਰਵਿੰਦਰ ਸਿੰਘ ਦੇ ਸੰਘਰਸ਼ ਅਤੇ ਸ਼ਹਾਦਤ ਨੂੰ ਰੋਲਣ ਦੀ ਗੱਲ ਕੀਤੀ ਹੈ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਕੁਝ ਸ਼ਰਾਰਤੀ ਲੋਕ ਇਸ ਘਟਨਾ ਨੂੰ ਪੰਜਾਬ ਅੰਦਰ ਹਿੰਦੂ ਸਿੱਖ ਭਾਈਚਾਰਿਆਂ ਦੀ ਲੜਾਈ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਹਿੰਦੂ ਸਿੱਖ ਦੀ ਲੜਾਈ ਨਹੀਂ ਬਲਕਿ ਇਹ ਪੰਜਾਬ ਅੰਦਰ ਵੱਸਦੇ ਸਮੂਹ ਭਾਈਚਾਰਿਆਂ ਦੀ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਹੈ। ਉਨ੍ਹਾਂ ਸਰਕਾਰ ਨੂੰ ਕਿਹਾ ਕਿ ਅਜਿਹੇ ਸ਼ਰਾਰਤੀ ਅਨਸਰਾਂ ਦੀ ਪਛਾਣ ਕਰਕੇ ਇਨ੍ਹਾਂ ਨੂੰ ਨੱਥ ਪਾਈ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਅਜਿਹੀ ਫਿਰਕੂ ਸ਼ਰਾਰਤ ਅਤੇ ਧਰੁਵੀਕਰਨ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਦੇ ਪੰਜਾਬ ਬੰਦ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੇ ਸਮੂਹ ਭਾਈਚਾਰੇ ਇਸ ਸੰਘਰਸ਼ ਵਿੱਚ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਨਸ਼ੇ ਦੀ ਸਮੱਸਿਆ ਜੜਾਂ ਤੋਂ ਖਤਮ ਹੋਣੀ ਚਾਹੀਦੀ ਹੈ ਅਤੇ ਇਹ ਜ਼ਿੰਮੇਵਾਰੀ ਸਰਕਾਰ ਦੀ ਹੈ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਸ ਘਟਨਾ ਵਿੱਚ ਜਿਤਨੇ ਵੀ ਲੋਕ ਜਖਮੀ ਹੋਏ ਹਨ ਉਨ੍ਹਾਂ ਦੇ ਇਲਾਜ ਦਾ ਖਰਚਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਵੀ ਜਲਦ ਹੀ ਇੱਥੇ ਆਉਣਗੇ ਅਤੇ ਇਸ ਸਬੰਧੀ ਕਾਰਵਾਈ ਯਕੀਨੀ ਬਣਾਉਣਗੇ।
ਇਸ ਮੌਕੇ ਜਥੇਦਾਰ ਗੜਗੱਜ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਬਠਿੰਡਾ ਤੋਂ ਅਕਾਲੀ ਸਾਂਸਦ ਬੀਬੀ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਤੇ ਅਕਾਲੀ ਆਗੂ ਸ. ਤੇਜਿੰਦਰ ਸਿੰਘ ਮਿੱਡੂਖੇੜਾ ਤੇ ਸ. ਪਰਮਬੰਸ ਸਿੰਘ ਰੋਮਾਣਾ ਆਦਿ ਮੌਜੂਦ ਰਹੇ।