ਨਵੀਂ ਦਿੱਲੀ -ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੀ ਸੰਪੂਰਨਤਾ ਨੂੰ ਸਮਰਪਿਤ ਜੀ.ਟੀ.ਬੀ. ਕਾਲਜ, ਰਾਜੌਰੀ ਗਾਰਡਨ ਵਿਖੇ ਕਾਲਜ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਸ੍ਰੀ ਸਹਿਜ ਪਾਠ ਆਰੰਭ ਕੀਤੇ ਗਏ। ਇਸ ਮੌਕੇ ਵਿਦਿਆਰਥੀਆਂ ਅਤੇ ਸਟਾਫ਼ ਨੇ ਗੁਰੂ ਸਾਹਿਬ ਦੀ ਮਹਾਨ ਸ਼ਹਾਦਤ ਨੂੰ ਸਿਜਦਾ ਕਰਦਿਆਂ ਗੁਰਬਾਣੀ ਨਾਲ ਜੁੜਨ ਦਾ ਸੰਕਲਪ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੀਨੀਅਰ ਮੈਂਬਰ ਅਤੇ ਕਾਲਜ ਦੀ ਚੇਅਰਮੈਨ ਬੀਬੀ ਰਣਜੀਤ ਕੌਰ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਸਮੁੱਚੀ ਮਨੁੱਖਤਾ ਲਈ ਧਾਰਮਿਕ ਆਜ਼ਾਦੀ, ਮਨੁੱਖੀ ਅਧਿਕਾਰਾਂ ਅਤੇ ਨਿਰਭੈਤਾ ਦੀ ਅਦੁੱਤੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਸ਼ਹੀਦੀ ਸ਼ਤਾਬਦੀ ਦੀ ਸੰਪੂਰਨਤਾ ਮੌਕੇ ਅਜਿਹੇ ਉਪਰਾਲੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਜੀਵਨ, ਬਾਣੀ ਅਤੇ ਮਹਾਨ ਵਿਚਾਰਧਾਰਾ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਬੀਬੀ ਰਣਜੀਤ ਕੌਰ ਨੇ ਕਿਹਾ ਕਿ ਕਾਲਜ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਸਹਿਜ ਪਾਠ ਆਰੰਭ ਕਰਨਾ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਸੱਚੀ ਸ਼ਰਧਾਂਜਲੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਸਾਨੂੰ ਸੱਚ, ਧਰਮ, ਸੇਵਾ ਅਤੇ ਮਨੁੱਖਤਾ ਦੀ ਰੱਖਿਆ ਲਈ ਹਰ ਕੁਰਬਾਨੀ ਦੇਣ ਦੀ ਪ੍ਰੇਰਣਾ ਦਿੰਦਾ ਹੈ।