ਲੁਧਿਆਣਾ- ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਆਪਣਾ ਜ਼ੋਰਦਾਰ ਨਿਸ਼ਾਨਾ ਬਣਾਉਦਿਆ ਹੋਇਆ ਕਿਹਾ ਕਿ 42 ਸਾਲ ਦਾ ਲੰਮਾ ਅਰਸਾ ਬੀਤਣ ਦੇ ਬਾਵਜੂਦ ਸਿੱਖ ਨਸਲਕੁਸ਼ੀ ਦੇ ਸ਼ਿਕਾਰ ਪੀੜਤ ਪਰਿਵਾਰਾਂ ਨੂੰ ਇਨਸਾਫ਼ ਨਾ ਦੇਣਾ ਅਤੇ ਉਨ੍ਹਾਂ ਦੇ ਮੁੜ ਵਸੇਬੇ ਲਈ ਅਲਾਟ ਕੀਤੇ ਗਏ ਫਲੈਟ, ਬੂਥ ਆਦਿ ਨੂੰ ਪੂਰੀ ਸੁਹਿਰਦਤਾ ਨਾਲ ਨਾ ਸੌਪਣਾ ਖੁੱਲੇ ਰੂਪ ਵਿੱਚ ਲੋਕਤੰਤਰਿਕ ਕਦਰਾਂ ਕੀਮਤਾਂ ਦਾ ਘਾਣ ਹੈ ਅੱਜ ਲੁਧਿਆਣਾ ਵਿਖੇ ਦੰਗਾ ਪੀੜਤ ਵੈਲਫੇਅਰ ਸੁਸਾਇਟੀ (ਪੰਜ਼ਾਬ) ਪ੍ਰਧਾਨ ਸੁਰਜੀਤ ਸਿੰਘ ਦੁੱਗਰੀ ਤੇ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਗੁਰਦੀਪ ਕੌਰ ਤੇ ਉਨ੍ਹਾਂ ਦੇ ਸਾਥੀਆਂ ਦੀ ਬੇਨਤੀ ਉਪਰ 84 ਦੇ ਸਿੱਖ ਕਤਲੇਆਮ ਨਾਲ ਪੀੜ੍ਹਤ ਪਰੀਵਾਰਾਂ ਦੇ ਮੈਬਰਾਂ ਦੀ ਸਾਰ ਲੈਣ ਲਈ ਉਚੇਚੇ ਤੌਰ ਤੇ ਪੁੱਜੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ
ਕਿਹਾ ਕਿ ਨਵੰਬਰ 1984 ਦੌਰਾਨ ਵਾਪਰੇ ਵੱਡੇ ਦੁਖਾਂਤ ਉਪਰੰਤ ਦੇਸ਼ ਦੇ ਵੱਖ ਵੱਖ ਭਾਗਾਂ ਤੋ ਉਜੜ ਕੇ ਆਏ ਪੀੜ੍ਹਤ ਪਰੀਵਾਰਾਂ ਦੇ ਮੈਬਰਾਂ ਨੂੰ
ਪੰਜਾਬ ਸਰਕਾਰ ਵੱਲੋ ਉਨ੍ਹਾਂ ਦੇ ਮੁੜ ਵਸੇਬੇ ਲਈ ਜੋ ਸਰਕਾਰੀ ਫਲੈਟ, ਬੂਥ ਆਦਿ ਨੂੰ ਪੂਰੀ ਸੁਹਿਰਦਤਾ ਨਾਲ ਨਾ ਸੌਪਣਾ ਅਤੇ ਉਨ੍ਹਾਂ ਉਪਰ ਪ੍ਰਵਾਸੀਆਂ ਵੱਲੋ ਕਬਜਾ ਕਰਨਾ ਸਿੱਧੇ ਰੂਪ ਵਿੱਚ ਪੀੜਤ ਪਰਿਵਾਰਾਂ ਨਾਲ ਵੱਡੀ ਬੇਇਨਸਾਫੀ ਹੈ! ਜਿਸ ਨੂੰ ਬਰਦਾਸ਼ਤ ਨਹੀ ਕੀਤਾ ਜਾਵੇਗਾ!ਉਨ੍ਹਾਂ ਨੇ ਪੀੜਤ ਪਰਿਵਾਰਾਂ ਦੇ ਸਬਰ ਤੇ ਹੌਂਸਲੇ ਦੀ ਦਾਦ ਦਿੰਦਿਆ ਹੋਇਆ ਕਿਹਾ ਕਿ ਪਿਛਲੇ 42 ਸਾਲਾਂ ਤੋਂ ਇਨਸਾਫ਼ ਲਈ ਸੰਘਰਸ਼ ਕਰ ਰਹੇ ਪੀੜਤ ਪਰਿਵਾਰਾਂ ਦੇ ਨਾਲ ਅਸੀ ਚਟਾਨ ਵਾਂਗ ਖੜੇ ਹਾਂ ਅਤੇ ਸਰਕਾਰ ਕੋਲੋ ਮੰਗ ਕਰਦੇ ਹਾਂ ਕਿ ਉਨ੍ਹਾਂ ਪਰਿਵਾਰਾਂ ਦੀ ਸਾਰ ਲਈ ਜਾਵੇ ਜਿਨ੍ਹਾਂ ਨੂੰ ਅੱਜ ਤੱਕ ਕੋਈ ਵੀ ਮੁਆਵਜ਼ਾ ਜਾ ਮੁੜ ਵਸੇਬੇ ਲਈ ਕੁਝ ਨਹੀਂ ਮਿਲਿਆ।
ਜਥੇਦਾਰ ਗੜਗੱਜ ਨੇ ਹਲਕਾ ਆਤਮ ਨਗਰ ਦੇ ਵਿਧਾਇਕ ਨੂੰ ਵੀ ਤਾੜਨਾ ਕੀਤੀ ਕਿ ਉਹ ਪੀੜਤ ਪਰਿਵਾਰਾਂ ਨੂੰ ਮਿਲੇ ਫਲੈਟਾਂ ਉਪਰ ਆਪ ਸਮਰਥਕਾਂ ਦੇ ਕਰਾਏ ਨਜਾਇਜ਼ ਕਬਜ਼ੇ ਤੁਰੰਤ ਖ਼ਤਮ ਕਰਾਉਣ ਤਾਂ ਜੁ ਅਸਲ ਹੱਕਦਾਰਾਂ ਨੂੰ ਇਹ ਫਲੈਟ ਮਿਲ ਸੱਕਣ।
ਇਸ ਮੌਕੇ ਪੀੜਤ ਪਰਿਵਾਰਾਂ ਵੱਲੋਂ ਜੱਥੇਦਾਰ ਗੜਗੱਜ ਨੂੰ ਆਪਣੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੇ ਮੁੜ ਵਸੇਬੇ ਨਾਲ ਜੁੜੇ ਮਾਮਲਿਆਂ ਸਬੰਧੀ ਜਾਣਕਾਰੀ ਦਿੱਤੀ ਗਈ। ਜੱਥੇਦਾਰ ਗੜਗੱਜ ਨੇ ਪੀੜਤ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਉਹ ਇਨਸਾਫ਼ ਦੁਆਉਣ ਅਤੇ ਉਨ੍ਹਾਂ ਦੇ ਮਸਲੇ ਹੱਲ ਕਰਾਉਣ ਲਈ ਯੋਗ ਕਾਰਵਾਈ ਕਰਨਗੇ। ਇਸ ਮੌਕੇ ਪ੍ਰਧਾਨ ਸੁਰਜੀਤ ਸਿੰਘ ਦੁੱਗਰੀ ਅਤੇ ਇਸਤਰੀ ਵਿੰਗ ਪ੍ਰਧਾਨ ਬੀਬੀ ਗੁਰਦੀਪ ਕੌਰ ਨੇ ਪੰਜਾਬ ਸਰਕਾਰ 'ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਚੁਰਾਸੀ ਕਤਲੇਆਮ ਤੋਂ ਬਾਅਦ ਪੰਜਾਬ ਵਿੱਚ ਆ ਕੇ ਵਸੇ ਪੀੜਤ ਪਰਿਵਾਰਾਂ ਦੇ ਮੁੜ ਵਸੇਬੇ ਲਈ ਅਕਾਲੀ ਦਲ ਦੀ ਸਰਕਾਰ ਅਤੇ ਪੰਜਾਬ-ਹਰਿਆਣਾ ਹਾਈ ਕੋਰਟ ਵਲੋਂ ਕਈ ਫ਼ੈਸਲੇ ਕੀਤੇ ਗਏ ਸਨ ਜਿਸ ਤਹਿਤ ਪੀੜਤ ਪਰਿਵਾਰਾਂ ਨੂੰ ਮਕਾਨ, ਨੌਕਰੀਆਂ, ਕਾਰੋਬਾਰ ਲਈ ਬੂਥ, ਨਵੇਂ ਲਾਲ ਕਾਰਡ ਅਤੇ ਹੋਰ ਸਹੂਲਤਾਂ ਦੇਣਾ ਸ਼ਾਮਲ ਸੀ। ਪਰ ਪਿਛਲੀ ਕਾਂਗਰਸ ਸਰਕਾਰ ਅਤੇ ਹੁਣ ਭਗਵੰਤ ਮਾਨ ਸਰਕਾਰ ਵੱਲੋਂ ਸਾਰੀਆਂ ਐਲਾਨੀਆਂ ਸਹੂਲਤਾਂ ਬੰਦ ਕਰਕੇ ਹੁਣ ਪੀੜਤ ਪਰਿਵਾਰਾਂ ਨੂੰ ਕਥਿਤ ਤੌਰ 'ਤੇ ਤੰਗ-ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਨਾਲ ਗੱਲਬਾਤ ਕਰਨ ਲਈ ਮੁੱਖ ਮੰਤਰੀ ਵੱਲੋਂ ਸੱਤ ਵਾਰ ਸਮਾਂ ਦਿੱਤਾ ਗਿਆ ਪਰ ਹਰ ਵਾਰ ਐਨ ਮੌਕੇ ਤੇ ਮੀਟਿੰਗ ਰੱਦ ਕੀਤੀ ਜਾਂਦੀ ਰਹੀ ਹੈ। ਹੁਣ ਸਰਕਾਰ ਵੱਲੋਂ ਕੁੱਝ ਪਰਿਵਾਰਾਂ ਨੂੰ ਚਿੱਠੀਆਂ ਭੇਜ ਕੇ ਮਕਾਨ ਖ਼ਾਲੀ ਕਰਨ ਅਤੇ ਲਾਲ ਕਾਰਡਾਂ ਰੱਦ ਕਰਨ ਸਬੰਧੀ ਕਾਰਵਾਈ ਕਰਨ ਦੀ ਗੱਲ ਕੀਤੀ ਗਈ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪੀੜਤ ਪਰਿਵਾਰਾਂ ਦੇ ਮਸਲੇ ਸੁਣਕੇ ਉਨ੍ਹਾਂ ਦਾ ਹੱਲ ਕੱਢਣ। ਇਸ ਮੌਕੇ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ, ਭਾਈ ਮੇਜਰ ਸਿੰਘ ਖਾਲਸਾ, ਬਲਜੀਤ ਸਿੰਘ ਬੀਤਾ, ਦਲਜੀਤ ਸਿੰਘ ਸੋਨੀ, ਇੰਦਰਪਾਲ ਸਿੰਘ ਵਿੱਕੀ, ਪ੍ਰੀਤੀ ਅਰੋੜਾ, ਗੁਰਦੇਵ ਸਿੰਘ, ਅਮਰਜੀਤ ਸਿੰਘ ਰਾਜਪਾਲ, ਸੁਖਵਿੰਦਰ ਸਿੰਘ, ਹਰਮੀਤ ਸਿੰਘ, ਇਸ਼ਪ੍ਰੀਤ ਸਿੰਘ ਇਸ਼ੂ, ਧਰਮਿੰਦਰ ਸਿੰਘ, ਹਰਪ੍ਰੀਤ ਸਿੰਘ, ਸੁਖਵਿੰਦਰ ਸਿੰਘ ਬੱਬਲ, ਚਮਨ ਸਿੰਘ, ਗੁਰਦੇਵ ਕੌਰ, ਮਨਜੀਤ ਕੌਰ ਅਤੇ ਗੁਰਮੀਤ ਕੌਰ ਆਦਿ ਵੀ ਹਾਜ਼ਰ ਸਨ।