ਅੰਮ੍ਰਿਤਸਰ - ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਸ਼ਹੀਦ ਪਰਵਿੰਦਰ ਸਿੰਘ ਝੋਟਾ ਇਨਸਾਫ਼ ਕਮੇਟੀ ਦੇ ਸੱਦੇ ਦੀ ਹਮਾਇਤ ਕਰਦਿਆਂ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੇ ਵੇਰਕਾ ਬੱਸ ਸਟੈਂਡ ਦੇ ਸਾਹਮਣੇ ਭਾਈ ਸ਼ਮਸ਼ੇਰ ਸਿੰਘ ਪੱਧਰੀ ਦੀ ਅਗਵਾਈ ਵਿੱਚ ਭਾਈ ਲਵਜੀਤ ਸਿੰਘ ਖਾਲਸਾ ਤੇ ਸੰਗਤ ਦੇ ਸਹਿਯੋਗ ਨਾਲ ਇਕੱਠੇ ਹੋ ਕੇ ਝਾੜੂ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਤੇ ਉਚੇਚੇ ਤੌਰ ਤੇ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਭਾਈ ਅਮਨਦੀਪ ਸਿੰਘ ਡੱਡੂਆਣਾਂ, ਭਾਈ ਸੁਖਰਾਜ ਸਿੰਘ ਸੁਲਤਾਨਵਿੰਡ, ਡਾਕਟਰ ਬਰਿੰਦਰ ਸਿੰਘ ਜੀ, ਭਾਈ ਪੰਜਾਬ ਸਿੰਘ, ਭਾਈ ਮਨਜੀਤ ਸਿੰਘ ਅਤੇ ਭਾਈ ਜਗਜੀਤ ਸਿੰਘ ਵੀ ਹਾਜਰ ਸਨ। ਇਸ ਮੌਕੇ ਪਾਰਟੀ ਵੱਲੋਂ ਇਨਸਾਫ਼ ਕਮੇਟੀ ਦੀਆਂ ਮੰਗਾਂ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਇਨਸਾਫ਼ ਯਕੀਨੀ ਬਣਾਉਣ ਅਤੇ ਪੰਜਾਬ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਦੀ ਮੰਗ ਕੀਤੀ ਗਈ। ਇਸ ਸਬੰਧੀ ਪਾਰਟੀ ਦੇ ਸੂਬਾ ਮੀਡੀਆ ਇੰਚਾਰਜ ਸ਼ਮਸ਼ੇਰ ਸਿੰਘ ਪੱਧਰੀ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਇਨਸਾਫ਼ ਲਈ ਉੱਠ ਰਹੀ ਆਵਾਜ਼ ਸਿਰਫ਼ ਇੱਕ ਪਰਿਵਾਰ ਦੀ ਨਹੀਂ, ਸਗੋਂ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਅਤੇ ਨਸ਼ਿਆਂ ਤੋਂ ਮੁਕਤ ਸਮਾਜ ਦੀ ਮੰਗ ਨਾਲ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਪੰਜਾਬ ਦੇ ਘਰਾਂ ਵਿੱਚ ਪੈ ਰਹੇ ਵੈਣਾਂ ਨੂੰ ਰੋਕਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ ਅਤੇ ਇਸ ਮਾਮਲੇ ਵਿੱਚ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ। ਸ਼ਮਸ਼ੇਰ ਸਿੰਘ ਪੱਧਰੀ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ, ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਇਨਸਾਫ਼ ਕਮੇਟੀ ਵੱਲੋਂ ਇਨਸਾਫ਼ ਲਈ ਕੀਤੇ ਜਾ ਰਹੇ ਸੰਘਰਸ਼ ਦਾ ਸਮਰਥਨ ਕਰਦਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਐਲਾਨਾਂ ਨਾਲ ਲੋਕਾਂ ਦਾ ਭਰੋਸਾ ਬਹਾਲ ਨਹੀਂ ਹੋ ਸਕਦਾ, ਸਗੋਂ ਹਰ ਮੰਗ ’ਤੇ ਠੋਸ ਕਾਰਵਾਈ ਅਤੇ ਉਸ ਦੀ ਸਥਿਤੀ ਜਨਤਕ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਕਿਸੇ ਵੀ ਤਰ੍ਹਾਂ ਦੀ ਢਿੱਲ ਜਾਂ ਰਾਜਨੀਤਿਕ ਪੱਖਪਾਤ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ। ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਹੋਵੇ ਅਤੇ ਜੇਕਰ ਕਿਸੇ ਅਧਿਕਾਰੀ ਦੀ ਲਾਪਰਵਾਹੀ ਜਾਂ ਮਿਲੀਭੁਗਤ ਸਾਹਮਣੇ ਆਉਂਦੀ ਹੈ ਤਾਂ ਉਸ ਦੀ ਨਿਰਪੱਖ ਜਾਂਚ ਕਰਕੇ ਜਵਾਬਦੇਹੀ ਤੈਅ ਕੀਤੀ ਜਾਵੇ। ਸ਼ਮਸ਼ੇਰ ਸਿੰਘ ਪੱਧਰੀ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਪੰਜਾਬ ਦੇ ਲੋਕਾਂ ਦੀਆਂ ਹੱਕੀ ਮੰਗਾਂ, ਨਸ਼ਾ ਮੁਕਤ ਸਮਾਜ ਅਤੇ ਇਨਸਾਫ਼ ਦੀ ਲੜਾਈ ਵਿੱਚ ਲੋਕਾਂ ਦੇ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਨਿਰਪੱਖ ਜਾਂਚ, ਪੀੜਤ ਪਰਿਵਾਰ ਨੂੰ ਇਨਸਾਫ਼ ਅਤੇ ਨਸ਼ਿਆਂ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਪਾਰਟੀ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਅਤੇ ਲੋਕਾਂ ਦੀ ਸੁਰੱਖਿਆ ਨਾਲ ਜੁੜੇ ਮੁੱਦਿਆਂ ’ਤੇ ਆਵਾਜ਼ ਬੁਲੰਦ ਕਰਨਾ ਜਾਰੀ ਰਹੇਗਾ।