ਧੂਰੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਨੂੰ ਸਿੱਖਿਆ ਦੇ ਪ੍ਰਮੁੱਖ ਕੇਂਦਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਸੁਧਾਰ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਰਕਾਰ ਵੱਲੋਂ ਨੌਜਵਾਨਾਂ ਲਈ ਕਰੀਅਰ ਦੇ ਨਵੇਂ ਰਾਹ ਖੋਲ੍ਹੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਨੌਜਵਾਨਾਂ ਨੂੰ ਰਿਸ਼ਵਤ ਅਤੇ ਫ਼ਰਮਾਇਸ਼ ਤੋਂ ਬਿਨਾਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ 'ਤੇ 70, 000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ।
ਧੂਰੀ ਦੇ ਪਿੰਡ ਬਰੜਵਾਲ ਸਥਿਤ ਦੇਸ਼ ਭਗਤ ਕਾਲਜ ਵਿੱਚ ਯੁਵਕ ਮੇਲੇ ਦੌਰਾਨ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸਿੱਖਿਆ ਅਤੇ ਸਖ਼ਤ ਮਿਹਨਤ 'ਤੇ ਧਿਆਨ ਕੇਂਦਰਿਤ ਕਰਨ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪੰਜਾਬ ਨੂੰ ਅਜਿਹੇ ਚੁਣੇ ਹੋਏ ਨੁਮਾਇੰਦਿਆਂ ਦੀ ਲੋੜ ਹੈ ਜੋ ਲੋਕਾਂ ਦੇ ਦੁੱਖਾਂ ਅਤੇ ਸਮੱਸਿਆਵਾਂ ਨੂੰ ਸਮਝ ਸਕਣ।
ਇਸ ਮੌਕੇ ਦੀਆਂ ਕੁਝ ਯਾਦਾਂ ਸਾਂਝੀਆਂ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਐਕਸ' 'ਤੇ ਲਿਖਿਆ: "ਅੱਜ ਮੈਨੂੰ ਧੂਰੀ ਹਲਕੇ ਦੇ ਪਿੰਡ ਬਰੜਵਾਲ ਸਥਿਤ ਦੇਸ਼ ਭਗਤ ਕਾਲਜ ਵਿਖੇ ਕਰਵਾਏ ਖੇਤਰੀ ਯੁਵਕ ਮੇਲੇ ਦੌਰਾਨ ਨੌਜਵਾਨਾਂ ਨਾਲ ਰੂਬਰੂ ਹੋਣ ਦਾ ਮੌਕਾ ਮਿਲਿਆ। ਉਨ੍ਹਾਂ ਦੇ ਉਤਸ਼ਾਹ ਅਤੇ ਕਲਾਤਮਕ ਹੁਨਰ ਨੂੰ ਦੇਖ ਕੇ ਮੈਨੂੰ ਆਪਣੇ ਸ਼ੁਰੂਆਤੀ ਦਿਨਾਂ ਦੀ ਯਾਦ ਆ ਗਈ, ਕਿਉਂਕਿ ਮੇਰਾ ਸਫ਼ਰ ਵੀ ਅਜਿਹੇ ਹੀ ਮੰਚਾਂ ਤੋਂ ਸ਼ੁਰੂ ਹੋਇਆ ਸੀ। ਨੌਜਵਾਨਾਂ ਨੂੰ ਮੇਰੀ ਸਲਾਹ ਹੈ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਹਿੱਸਾ ਲੈਣਾ ਹੀ ਆਪਣੇ ਆਪ ਵਿੱਚ ਸਭ ਤੋਂ ਵੱਡੀ ਜਿੱਤ ਹੈ। ਜਿਹੜੇ ਜਿੱਤਦੇ ਹਨ, ਉਨ੍ਹਾਂ ਨੂੰ ਨਿਮਰ ਰਹਿਣਾ ਚਾਹੀਦਾ ਹੈ ਅਤੇ ਜਿਹੜੇ ਹਾਰ ਜਾਂਦੇ ਹਨ ਉਨ੍ਹਾਂ ਨੂੰ ਹੋਰ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਸਾਡੀ ਸਰਕਾਰ ਨੇ ਬਿਨਾਂ ਕਿਸੇ ਸਿਫ਼ਾਰਿਸ਼ ਜਾਂ ਰਿਸ਼ਵਤ ਦੇ ਨੌਜਵਾਨਾਂ ਨੂੰ 70, 000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਤੁਸੀਂ ਬਸ ਆਪਣੀ ਪੜ੍ਹਾਈ ਅਤੇ ਸਖ਼ਤ ਮਿਹਨਤ 'ਤੇ ਧਿਆਨ ਦਿਓ। ਪੰਜਾਬ ਸਰਕਾਰ ਹਰ ਕਦਮ 'ਤੇ ਤੁਹਾਡੇ ਨਾਲ ਖੜ੍ਹੀ ਹੈ।"
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨੌਜਵਾਨਾਂ ਦੀ ਊਰਜਾ, ਹੁਨਰ ਅਤੇ ਰਚਨਾਤਮਕਤਾ ਪੰਜਾਬ ਦਾ ਸਭ ਤੋਂ ਵੱਡਾ ਸਰਮਾਇਆ ਹਨ ਅਤੇ ਸੂਬੇ ਦਾ ਭਵਿੱਖ ਇਨ੍ਹਾਂ ਗੁਣਾਂ ਨੂੰ ਨਿਖਾਰਨ ਅਤੇ ਨੌਜਵਾਨਾਂ ਨੂੰ ਜੀਵਨ ਦੇ ਹਰ ਖੇਤਰ ਵਿੱਚ ਉੱਤਮਤਾ ਪ੍ਰਾਪਤ ਕਰਨ ਦੇ ਸਾਰਥਕ ਮੌਕੇ ਪ੍ਰਦਾਨ ਕਰਨ 'ਤੇ ਨਿਰਭਰ ਕਰਦਾ ਹੈ।”
ਮੁੱਖ ਮੰਤਰੀ ਨੇ ਕਿਹਾ, “ਸਿੱਖਿਆ ਕਲਾਸਰੂਮਾਂ, ਪਾਠ-ਪੁਸਤਕਾਂ ਅਤੇ ਪ੍ਰੀਖਿਆ ਦੇ ਨਤੀਜਿਆਂ ਤੋਂ ਪਰੇ ਹੋਣੀ ਚਾਹੀਦੀ ਹੈ। ਅਸਲ ਸਿੱਖਿਆ ਸੁਤੰਤਰ ਸੋਚ, ਜ਼ਿੰਮੇਵਾਰੀ ਦੀ ਮਜ਼ਬੂਤ ਭਾਵਨਾ, ਆਪਣੀਆਂ ਸੱਭਿਆਚਾਰਕ ਜੜ੍ਹਾਂ ਪ੍ਰਤੀ ਸਤਿਕਾਰ ਅਤੇ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਦੀ ਹਿੰਮਤ ਵਾਲੇ ਆਤਮਵਿਸ਼ਵਾਸੀ ਵਿਅਕਤੀ ਪੈਦਾ ਕਰਨ ਵਿੱਚ ਹੈ।”
ਯੁਵਕ ਮੇਲਿਆਂ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਆਪਣੇ ਛੁਪੇ ਹੋਏ ਹੁਨਰਾਂ ਦਾ ਪਤਾ ਲਗਾਉਣ, ਝਿਜਕ ਨੂੰ ਦੂਰ ਕਰਨ, ਆਤਮ-ਵਿਸ਼ਵਾਸ ਵਿਕਸਤ ਕਰਨ ਅਤੇ ਅਨੁਸ਼ਾਸਨ, ਟੀਮ ਵਰਕ ਅਤੇ ਸਿਹਤਮੰਦ ਮੁਕਾਬਲੇ ਵਿੱਚ ਵੱਡਮੁੱਲੇ ਸਬਕ ਸਿੱਖਣ ਦੇ ਯੋਗ ਬਣਾਉਂਦੇ ਹਨ। ਉਨ੍ਹਾਂ ਅੱਗੇ ਕਿਹਾ, “ਇਹ ਮੰਚ ਵਿਦਿਆਰਥੀਆਂ ਨੂੰ ਇੱਕ ਦੂਜੇ ਤੋਂ ਸਿੱਖਣ, ਆਪਣੇ ਸੋਚ ਦੇ ਦਾਇਰੇ ਨੂੰ ਵੱਡਾ ਕਰਨ ਅਤੇ ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਆਪਣੇ ਆਪ ਨੂੰ ਤਿਆਰ ਕਰਨ ਵਿੱਚ ਮਦਦ ਵੀ ਕਰਦੇ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਯੁਵਕ ਮੇਲੇ ਵਿੱਚ 39 ਕਾਲਜਾਂ ਦੇ ਵਿਦਿਆਰਥੀਆਂ ਦੀ ਸ਼ਮੂਲੀਅਤ ਨੂੰ ਦੇਖ ਦੇ ਬੇਹੱਦ ਖੁਸ਼ੀ ਪ੍ਰਗਟ ਕੀਤੀ। ਇਸ ਦੌਰਾਨ ਚਾਰ ਪੜਾਵਾਂ ਵਿੱਚ 60 ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਉਨ੍ਹਾਂ ਕਿਹਾ, “ਵਿਦਿਆਰਥੀ ਸੱਭਿਆਚਾਰਕ ਅਤੇ ਸਾਹਿਤਕ ਮੁਕਾਬਲਿਆਂ ਦੀ ਵਿਸ਼ਾਲ ਸ਼੍ਰੇਣੀ ਰਾਹੀਂ ਆਪਣੀਆਂ ਕਲਾਤਮਕ ਯੋਗਤਾਵਾਂ, ਰਚਨਾਤਮਕਤਾ ਅਤੇ ਹੁਨਰ ਦਾ ਪ੍ਰਦਰਸ਼ਨ ਕਰ ਰਹੇ ਹਨ ਜੋ ਪੰਜਾਬ ਦੀ ਨੌਜਵਾਨ ਪੀੜ੍ਹੀ ਦੀ ਜ਼ਿੰਦਾਦਿਲੀ ਅਤੇ ਸਮਰੱਥਾਵਾਂ ਨੂੰ ਦਰਸਾਉਂਦੇ ਹਨ।” ਉਨ੍ਹਾਂ ਨੇ ਕਈ ਦਹਾਕਿਆਂ ਤੋਂ ਯੁਵਕ ਮੇਲੇ ਕਰਵਾਉਣ ਵਿੱਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਅਤੇ ਇਸ ਦੇ ਯੁਵਕ ਭਲਾਈ ਵਿਭਾਗ ਦੇ ਯੋਗਦਾਨ ਦੀ ਸ਼ਲਾਘਾ ਵੀ ਕੀਤੀ।
ਨੌਜਵਾਨਾਂ ਨੂੰ ਨਵੇਂ ਮੌਕਿਆਂ ਨੂੰ ਅਪਣਾਉਂਦਿਆਂ ਆਪਣੀ ਸੱਭਿਆਚਾਰਕ ਵਿਰਾਸਤ ਨਾਲ ਜੁੜੇ ਰਹਿਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੀਆਂ ਇੱਛਾਵਾਂ ਅਤੇ ਪ੍ਰਾਪਤੀਆਂ ਸੂਬੇ ਦੇ ਭਵਿੱਖ ਨੂੰ ਆਕਾਰ ਦੇਣ ਵਿੱਚ ਫੈਸਲਾਕੁੰਨ ਭੂਮਿਕਾ ਨਿਭਾਉਣਗੀਆਂ। ਉਨ੍ਹਾਂ ਸਪੱਸ਼ਟ ਕੀਤਾ, “ਯੁਵਕ ਮੇਲਾ ਨੌਜਵਾਨ ਪ੍ਰਤਿਭਾ ਦਾ ਜਸ਼ਨ ਹੈ, ਪੰਜਾਬ ਦੀ ਸੱਭਿਆਚਾਰਕ ਅਮੀਰੀ ਨੂੰ ਸਮਰਪਿਤ ਹੈ ਅਤੇ ਇਹ ਯਾਦ ਦਿਵਾਉਂਦਾ ਹੈ ਕਿ ਜਦੋਂ ਨੌਜਵਾਨਾਂ ਨੂੰ ਸਹੀ ਮੰਚ, ਉਤਸ਼ਾਹ ਅਤੇ ਮੌਕੇ ਦਿੱਤੇ ਜਾਂਦੇ ਹਨ ਤਾਂ ਉਹ ਮਜ਼ਬੂਤ, ਵਧੇਰੇ ਜੀਵੰਤ ਅਤੇ ‘ਰੰਗਲਾ ਪੰਜਾਬ’ ਸਿਰਜਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ।’’