ਅੰਮ੍ਰਿਤਸਰ-ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ ਵੱਖ ਥਾਵਾਂ ਤੇ ਕਰਵਾਏ ਜਾਂਦੇ ਸਮਾਗਮਾਂ ਦੀ ਲੜੀ ਤਹਿਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ, ਈਸਟ ਮੋਹਨ ਨਗਰ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਰਾਗੀ ਜਥਿਆਂ ਅਤੇ ਕਥਾਵਾਚਕਾਂ ਨੇ ਗੁਰਬਾਣੀ ਕੀਰਤਨ ਅਤੇ ਗੁਰ-ਇਤਿਹਾਸ ਦੀ ਸਾਂਝ ਪਾਉਂਦਿਆਂ ਸੰਗਤਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਿਆ। ਸਮਾਗਮ ਦੌਰਾਨ ਸੰਗਤਾਂ ਨੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਅਤੇ ਗੁਰੂ ਸਾਹਿਬ ਦੇ ਪਾਵਨ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸਿੱਖ ਧਰਮ ਨੂੰ ਦਿੱਤੀ ਮਹਾਨ ਦੇਣ ਨੂੰ ਯਾਦ ਕੀਤਾ।
ਇਸ ਮੌਕੇ ਕਥਾਵਾਚਕ ਭਾਈ ਜਸਵਿੰਦਰ ਸਿੰਘ ਦਰਦੀ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਨੇ ਆਪਣੇ ਜੀਵਨ ਅਤੇ ਉਪਦੇਸ਼ਾਂ ਰਾਹੀਂ ਮਨੁੱਖਤਾ ਨੂੰ ਆਪਸੀ ਪਿਆਰ, ਸਦਭਾਵਨਾ, ਸਮਾਨਤਾ ਅਤੇ ਸੇਵਾ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਵੱਲੋਂ ਵਰੋਸਾਏ ਗਏ ਗੁਰਮਤਿ ਸਿਧਾਂਤ ਅੱਜ ਵੀ ਮਨੁੱਖ ਨੂੰ ਸੱਚੇ-ਸੁੱਚੇ ਜੀਵਨ, ਨਿਮਰਤਾ ਅਤੇ ਪਰਉਪਕਾਰ ਦੀ ਦਿਸ਼ਾ ਦਿਖਾਉਂਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਗੁਰਮਤਿ ਸਮਾਗਮ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਨੂੰ ਸੰਗਤਾਂ ਤੱਕ ਪਹੁੰਚਾਉਣ ਅਤੇ ਨਵੀਂ ਪੀੜ੍ਹੀ ਨੂੰ ਆਪਣੇ ਅਮੀਰ ਧਾਰਮਿਕ ਤੇ ਸੱਭਿਆਚਾਰਕ ਵਿਰਸੇ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਇਸ ਮੌਕੇ ਸਿੱਖ ਵਿਦਵਾਨ ਡਾ. ਇੰਦਰਜੀਤ ਸਿੰਘ ਗੋਗੋਆਣੀ ਨੂੰ ਸਿੱਖ ਧਰਮ, ਗੁਰਮਤਿ ਵਿਚਾਰਧਾਰਾ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਉਨ੍ਹਾਂ ਦੀਆਂ ਸੇਵਾਵਾਂ ਦੇ ਸਤਿਕਾਰ ਵਜੋਂ ਭਾਈ ਪਿਆਰਾ ਸਿੰਘ ਸੰਗੀਤ ਘਰਾਣੇ ਵੱਲੋਂ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਸ਼੍ਰੋਮਣੀ ਰਾਗੀ ਭਾਈ ਜਸਵੰਤ ਸਿੰਘ ਦੇ ਪਰਿਵਾਰ ਵੱਲੋਂ ਭੇਟ ਕੀਤਾ ਗਿਆ। ਜਿਕਰਯੋਗ ਹੈ ਕਿ ਇਹ ਸਨਮਾਨ ਹਰ ਸਾਲ ਇਕ ਸਖਸੀਅਤ ਨੂੰ ਦਿੱਤਾ ਜਾਂਦਾ ਹੈ।
ਇਸ ਤੋਂ ਪਹਿਲਾਂ ਹਜੂ਼ੂਰੀ ਰਾਗੀ ਭਾਈ ਹਰਜੀਤ ਸਿੰਘ, ਭਾਈ ਸਰਵਣ ਸਿੰਘ ਤੇ ਬੀਬੀ ਹਰਲੀਨ ਕੌਰ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਭਰੀ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਸ਼੍ਰੋਮਣੀ ਰਾਗੀ ਭਾਈ ਜਸਵੰਤ ਸਿੰਘ, ਸ. ਚਰਨ ਸਿੰਘ ਬੇਦੀ, ਬੀਬੀ ਸੁਖਜੀਤ ਕੌਰ, ਸ. ਹਰਿੰਦਰਪਾਲ ਸਿੰਘ ਭੁੱਲਰ, ਡਾ. ਰਵਿੰਦਰ ਸਿੰਘ, ਸ. ਗੁਰਚਰਨ ਸਿੰਘ, ਬੀਬੀ ਕਿਰਨਦੀਪ ਕੌਰ ਸਮੇਤ ਸੰਗਤਾਂ ਹਾਜ਼ਰ ਸਨ।