ਨਵੀਂ ਦਿੱਲੀ- 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਪਿਛਲੇ 42 ਸਾਲਾਂ ਤੋਂ ਸੰਘਰਸ਼ ਕਰ ਰਹੇ ਅਖਿਲ ਭਾਰਤੀ ਦੰਗਾ ਪੀੜਤ ਰਾਹਤ ਕਮੇਟੀ ਦੇ ਕੌਮੀ ਪ੍ਰਧਾਨ ਜਥੇਦਾਰ ਕੁਲਦੀਪ ਸਿੰਘ ਭੋਗਲ ਨੇ ਦਿੱਲੀ ਪੁਲਿਸ ਵੱਲੋਂ ਸ਼ਰਧਾਂਜਲੀ ਸਮਾਗਮ ਅਤੇ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਦੇਣ ਦੀ ਇਜਾਜ਼ਤ ਨਾ ਦੇਣ ’ਤੇ ਸਖ਼ਤ ਇਤਰਾਜ਼ ਜਤਾਇਆ ਹੈ।
ਉਨ੍ਹਾਂ ਸਵਾਲ ਕੀਤਾ ਕਿ ਜੇ ਹੋਰ ਸੰਗਠਨਾਂ ਨੂੰ ਆਪਣੀ ਗੱਲ ਰੱਖਣ ਅਤੇ ਮੰਗ ਪੱਤਰ ਦੇਣ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ ਤਾਂ 1984 ਦੇ ਪੀੜਤਾਂ ਦੀ ਆਵਾਜ਼ ਨੂੰ ਰੋਕਣ ਦੀ ਲੋੜ ਕਿਉਂ ਪਈ? ਉਨ੍ਹਾਂ ਕਿਹਾ ਕਿ ਇਨਸਾਫ਼ ਦੀ ਇਹ ਲੜਾਈ ਕਿਸੇ ਸਿਆਸੀ ਮਕਸਦ ਲਈ ਨਹੀਂ, ਸਗੋਂ ਉਨ੍ਹਾਂ ਪਰਿਵਾਰਾਂ ਦੇ ਹੱਕਾਂ ਲਈ ਹੈ ਜਿਨ੍ਹਾਂ ਨੇ ਆਪਣੇ ਪਰਿਵਾਰਕ ਮੈਂਬਰ ਗੁਆਏ ਹਨ। ਜਥੇਦਾਰ ਭੋਗਲ ਨੇ ਦਿੱਲੀ ਦੇ ਕੇਂਦਰੀ ਇਲਾਕੇ ਵਿੱਚ 1984 ਦੇ ਕਤਲੇਆਮ ਵਿੱਚ ਮਾਰੇ ਗਏ ਨਿਰਦੋਸ਼ ਸਿੱਖਾਂ ਦੀ ਯਾਦ ਵਿੱਚ ਇੱਕ ਵਿਸ਼ਾਲ ਸਮਾਰਕ ਅਤੇ ਮਿਊਜ਼ੀਅਮ ਬਣਾਉਣ ਦੀ ਮੰਗ ਵੀ ਦੁਹਰਾਈ। ਉਨ੍ਹਾਂ ਕਿਹਾ ਕਿ ਇਹ ਮਿਊਜ਼ੀਅਮ ਆਉਣ ਵਾਲੀਆਂ ਪੀੜ੍ਹੀਆਂ ਨੂੰ ਉਸ ਦੌਰ ਦੀ ਤ੍ਰਾਸਦੀ ਅਤੇ ਇਤਿਹਾਸ ਤੋਂ ਜਾਣੂ ਕਰਵਾਉਣ ਦੇ ਨਾਲ ਅਜਿਹੀਆਂ ਘਟਨਾਵਾਂ ਮੁੜ ਨਾ ਵਾਪਰਨ ਦਾ ਸੰਦੇਸ਼ ਦੇਵੇਗਾ। ਉਨ੍ਹਾਂ ਦੋ-ਟੁੱਕ ਕਿਹਾ ਕਿ 1984 ਦੇ ਪੀੜਤਾਂ ਨੂੰ ਇਨਸਾਫ਼ ਮਿਲਣ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ ਅਤੇ ਉਹ ਆਖਰੀ ਸਾਹ ਤੱਕ ਇਨਸਾਫ਼ ਦੀ ਲੜਾਈ ਲੜਦੇ ਰਹਿਣਗੇ।