ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਹਾਲੀ ਵਿਖੇ ਨਵੇਂ ਭਰਤੀ ਹੋਏ 801 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਉਨ੍ਹਾਂ ਨੂੰ ਸਰਕਾਰੀ ਨੌਕਰੀਆਂ ਰਾਹੀਂ ਦੀਵਾਲੀ ਦਾ ਤੋਹਫ਼ਾ ਮਿਲਿਆ ਅਤੇ ਉਨ੍ਹਾਂ ਦੀ ਸਰਕਾਰ ਅਧੀਨ ਕੁੱਲ ਭਰਤੀਆਂ ਦੀ ਗਿਣਤੀ 71, 777 ਹੋ ਗਈ। ਇਸ ਗੱਲ 'ਤੇ ਜ਼ੋਰ ਦਿੰਦਿਆਂ ਕਿ ਹਰੇਕ ਨਿਯੁਕਤੀ ਪੂਰੀ ਤਰ੍ਹਾਂ ਬਿਨਾਂ ਕਿਸੇ 'ਕੈਸ਼' ਜਾਂ 'ਫ਼ਰਮਾਇਸ਼' (ਸਿਫ਼ਾਰਸ਼) ਤੋਂ ਮੈਰਿਟ ਦੇ ਆਧਾਰ 'ਤੇ ਕੀਤੀ ਗਈ ਹੈ, ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੇਲੇ ਪੈਸੇ, ਸਿਫ਼ਾਰਸ਼ਾਂ ਅਤੇ 'ਵੱਢੀ' ਰਾਹੀਂ ਲੱਖਾਂ ਰੁਪਏ ਵਿੱਚ ਸਰਕਾਰੀ ਨੌਕਰੀਆਂ ਵਿਕਦੀਆਂ ਸਨ, ਜਦੋਂ ਕਿ ਸਾਡੀ ਸਰਕਾਰ ਨੇ ਬਿਨਾਂ ਇੱਕ ਰੁਪਏ ਦੀ ਰਿਸ਼ਵਤ ਦੇ ਪਾਰਦਰਸ਼ੀ ਭਰਤੀ ਯਕੀਨੀ ਬਣਾਈ ਹੈ। ਵਿਰੋਧੀ ਧਿਰ ਨੂੰ ਭਰਤੀ ਵਿੱਚ ਭ੍ਰਿਸ਼ਟਾਚਾਰ ਦੀ ਇੱਕ ਵੀ ਮਿਸਾਲ ਦਿਖਾਉਣ ਦੀ ਚੁਣੌਤੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਅਗਲੇ ਹਫ਼ਤੇ 600 ਹੋਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲਣਗੀਆਂ।
ਸੋਸ਼ਲ ਮੀਡੀਆ ਪਲੇਟਫ਼ਾਰਮ ਐਕਸ 'ਤੇ ਕੁੱਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਮੋਹਾਲੀ ਵਿਖੇ 801 ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਹੁਣ ਤੱਕ ਅਸੀਂ 71, 777 ਤੋਂ ਵੱਧ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਮੁਫ਼ਤ ਅਤੇ ਨਿਰੋਲ ਮੈਰਿਟ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਸਿੱਖਿਆ ਦੇ ਖੇਤਰ ਵਿੱਚ ਕੀਤੇ ਗਏ ਕੰਮਾਂ ਬਦੌਲਤ ਪੰਜਾਬ ਅੱਜ ਪ੍ਰਾਇਮਰੀ ਸਿੱਖਿਆ ਵਿੱਚ ਦੇਸ਼ ਭਰ ਵਿੱਚੋਂ ਨੰਬਰ ਇੱਕ 'ਤੇ ਹੈ। ਸਾਡਾ ਮਕਸਦ ਹਰ ਘਰ ਵਿੱਚ ਰੋਜ਼ਗਾਰ ਅਤੇ ਖ਼ੁਸ਼ਹਾਲੀ ਲਿਆ ਕੇ ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣਾ ਹੈ। ਨਵੇਂ ਨਿਯੁਕਤ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹਾਰਦਿਕ ਵਧਾਈਆਂ। ਪੂਰੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰੋ।”
ਨਵੇਂ ਭਰਤੀ ਹੋਏ 801 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵਿਰੋਧੀ ਧਿਰ ਕਿਸੇ ਠੋਸ ਮੁੱਦੇ ਦੀ ਅਣਹੋਂਦ ਵਿੱਚ ਮੇਰੇ ਖ਼ਿਲਾਫ਼ ਦੂਸ਼ਣਬਾਜ਼ੀ ਕਰ ਰਹੀ ਹੈ। ਮੈਂ ਇਨ੍ਹਾਂ ਆਗੂਆਂ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਮੇਰੇ 'ਤੇ ਭ੍ਰਿਸ਼ਟਾਚਾਰ ਦਾ ਇੱਕ ਵੀ ਦੋਸ਼ ਸਾਬਤ ਕਰਨ ਜਾਂ ਰਾਜਨੀਤੀ ਛੱਡ ਦੇਣ। ਉਹ ਇਸ ਲਈ ਨਿਰਾਸ਼ ਹਨ ਕਿਉਂਕਿ ਉਹ ਸਾਡੀ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਅਤੇ ਲੋਕ ਭਲਾਈ ਦੇ ਬੇਮਿਸਾਲ ਕੰਮਾਂ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੇ।”
ਅਕਾਲੀ ਦਲ ਅਤੇ ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਆਪਣੇ ਨਿੱਜੀ ਹਿੱਤਾਂ ਦੀ ਰਾਜਨੀਤੀ ਰਾਹੀਂ ਪੰਜਾਬ ਨੂੰ ਆਰਥਿਕ ਅਤੇ ਸਮਾਜਿਕ ਮੰਦਹਾਲੀ ਵੱਲ ਧੱਕਿਆ ਹੈ। ਉਨ੍ਹਾਂ ਅੱਗੇ ਕਿਹਾ, “ਇਨ੍ਹਾਂ ਪਾਰਟੀਆਂ ਦੇ ਲੀਡਰ ਹੁਣ ਮੈਨੂੰ ਬਦਨਾਮ ਕਰਨ ਲਈ ਮਿਲ ਕੇ ਕੰਮ ਕਰ ਰਹੇ ਹਨ ਕਿਉਂਕਿ ਉਹ ਇਹ ਸਵੀਕਾਰ ਨਹੀਂ ਕਰ ਪਾ ਰਹੇ ਕਿ ਇੱਕ ਆਮ ਵਿਅਕਤੀ, ਬਿਨਾਂ ਕਿਸੇ ਸਿਆਸੀ ਪਰਿਵਾਰ ਜਾਂ ਵਿਰਾਸਤੀ ਤਾਕਤ ਦੇ ਪੰਜਾਬ ਦੇ ਆਮ ਲੋਕਾਂ ਲਈ ਕੰਮ ਕਰ ਰਿਹਾ ਹੈ। ਉਨ੍ਹਾਂ ਦੇ ਦੋਸ਼ਾਂ ਦਾ ਸਾਡਾ ਜਵਾਬ ਹਮੇਸ਼ਾ ਸਾਡਾ ਕੰਮ, ਸਾਡੀਆਂ ਪ੍ਰਾਪਤੀਆਂ ਅਤੇ ਆਮ ਪਰਿਵਾਰਾਂ ਦੇ ਚਿਹਰਿਆਂ 'ਤੇ ਮੁਸਕਾਨ ਹੋਵੇਗਾ।”
ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦਿਨ 801 ਪਰਿਵਾਰਾਂ ਲਈ ਇਤਿਹਾਸਕ ਅਤੇ ਭਾਵੁਕ ਹੈ, ਜਿਨ੍ਹਾਂ ਦੇ ਨੌਜਵਾਨ ਜੀਆਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਸਰਕਾਰੀ ਮੁਲਾਜ਼ਮ ਬਣਨ ਦਾ ਮਾਣ ਹਾਸਲ ਕੀਤਾ ਹੈ। ਉਨ੍ਹਾਂ ਕਿਹਾ, “ਅੱਜ ਦੀਆਂ ਨਿਯੁਕਤੀਆਂ ਨਾਲ ਸਾਡੀ ਸਰਕਾਰ ਵੱਲੋਂ ਦਿੱਤੀਆਂ ਗਈਆਂ ਕੁੱਲ ਸਰਕਾਰੀ ਨੌਕਰੀਆਂ ਦੀ ਗਿਣਤੀ 71, 777 ਹੋ ਗਈ ਹੈ। ਇਹ ਸਾਰੀਆਂ ਨੌਕਰੀਆਂ ਬਿਨਾਂ ਕਿਸੇ ਵਿਤਕਰੇ ਜਾਂ ਸਿਫ਼ਾਰਸ਼ ਦੇ ਨਿਰੋਲ ਮੈਰਿਟ ਦੇ ਆਧਾਰ 'ਤੇ ਦਿੱਤੀਆਂ ਗਈਆਂ ਹਨ। ਇਹ ਨਿਯੁਕਤੀ ਪੱਤਰ ਮਹਿਜ਼ ਕਾਗਜ਼ ਦੇ ਟੁਕੜੇ ਨਹੀਂ ਹਨ, ਸਗੋਂ ਹਜ਼ਾਰਾਂ ਪਰਿਵਾਰਾਂ ਲਈ ਉਮੀਦ, ਅਣਖ ਅਤੇ ਸੁਰੱਖਿਅਤ ਭਵਿੱਖ ਦਾ ਪ੍ਰਤੀਕ ਹਨ।”
ਉਨ੍ਹਾਂ ਅੱਗੇ ਕਿਹਾ ਕਿ ਹਰ ਨਿਯੁਕਤੀ ਇੱਕ ਨੌਜਵਾਨ ਦੇ ਸੁਪਨਿਆਂ ਅਤੇ ਇੱਕ ਪੂਰੇ ਪਰਿਵਾਰ ਦੀਆਂ ਆਸਾਂ ਦੀ ਤਰਜਮਾਨੀ ਕਰਦੀ ਹੈ। "ਸਾਡੀ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਸਿਆਸੀ ਪਹੁੰਚ ਜਾਂ ਪੈਸਾ ਨਹੀਂ, ਸਗੋਂ ਯੋਗਤਾ ਹੀ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਦਾ ਫ਼ੈਸਲਾ ਕਰੇਗੀ।"
ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਸਿਆਸੀ ਸਾਂਝਾਂ ਤੋਂ ਉੱਪਰ ਉੱਠ ਕੇ ਸਮਾਜ ਦੇ ਹਰ ਵਰਗ ਲਈ ਰੋਜ਼ਗਾਰ, ਜਨਤਕ ਸੇਵਾਵਾਂ ਵਿੱਚ ਸੁਧਾਰ ਅਤੇ ਖ਼ੁਸ਼ਹਾਲ ਭਵਿੱਖ ਬਣਾਉਣ ਦੇ ਆਪਣੇ ਮਿਸ਼ਨ ਨੂੰ ਜਾਰੀ ਰੱਖੇਗੀ। ਉਨ੍ਹਾਂ ਕਿਹਾ, "ਪੰਜਾਬ ਦੇ ਲੋਕਾਂ ਨੇ ਸਾਨੂੰ ਸੇਵਾ ਕਰਨ ਦੀ ਜ਼ਿੰਮੇਵਾਰੀ ਦਿੱਤੀ ਹੈ ਅਤੇ ਅਸੀਂ ਇਸ ਨੂੰ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾ ਰਹੇ ਹਾਂ।"