ਨਵੀਂ ਦਿੱਲੀ - ਨਵੰਬਰ 1984 ਦੇ ਸਿੱਖ ਕਤਲੇਆਮ ਨੂੰ 42 ਸਾਲ ਬੀਤ ਜਾਣ ਦੇ ਬਾਵਜੂਦ ਪੀੜਤ ਪਰਿਵਾਰਾਂ ਨੂੰ ਇਨਸਾਫ਼, ਉਚਿਤ ਮੁਆਵਜ਼ੇ ਅਤੇ ਸਰਕਾਰੀ ਸਹਾਇਤਾ ਲਈ ਉਡੀਕ ਕਰਨੀ ਪੈ ਰਹੀ ਹੈ। ਇਹ ਗੱਲ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪੂਰਬੀ ਭਾਰਤ ਪ੍ਰਧਾਨ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਕਾਨੂੰਨੀ ਲੜਾਈ ਲੜ ਰਹੇ ਸਤਨਾਮ ਸਿੰਘ ਗੰਭੀਰ ਨੇ ਚਾਸ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਸ਼ਰਧਾਂਜਲੀ ਸਮਾਗਮ ਦੌਰਾਨ ਕਹੀ। ਇਸ ਮੌਕੇ 1984 ਦੇ ਕਤਲੇਆਮ ਵਿੱਚ ਮਾਰੇ ਗਏ 73 ਨਿਰਦੋਸ਼ ਸਿੱਖਾਂ ਦੇ ਨਾਵਾਂ ਨਾਲ ਤਿਆਰ ਕੀਤੀ ਗਈ ‘ਸੱਚ ਦੀ ਕੰਧ’ ਸੰਗਤ ਨੂੰ ਸਮਰਪਿਤ ਕੀਤੀ ਗਈ। ਗੰਭੀਰ ਨੇ ਕਿਹਾ ਕਿ 42 ਸਾਲ ਬੀਤ ਜਾਣ ਦੇ ਬਾਵਜੂਦ ਕਤਲੇਆਮ ਪਿੱਛੇ ਹੋਈ ਸਾਜ਼ਿਸ਼ ਨੂੰ ਪੂਰੀ ਤਰ੍ਹਾਂ ਬੇਨਕਾਬ ਕਰਨ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਦਾ ਸਵਾਲ ਅੱਜ ਵੀ ਅਧੂਰਾ ਹੈ। ਸ਼ਹੀਦਾਂ ਦੀ ਯਾਦ ਵਿੱਚ ਕੰਧ ਬਣਾਉਣਾ ਸਿਰਫ਼ ਸ਼ਰਧਾਂਜਲੀ ਨਹੀਂ, ਸਗੋਂ ਸਰਕਾਰਾਂ ਨੂੰ ਉਨ੍ਹਾਂ ਦੀ ਜਵਾਬਦੇਹੀ ਯਾਦ ਕਰਵਾਉਣ ਦਾ ਵੀ ਯਤਨ ਹੈ।
ਚਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਮੀਤ ਸਿੰਘ ਸੋਢੀ ਨੇ ਸਰਕਾਰਾਂ ਨੂੰ ਸਵਾਲ ਕਰਦਿਆਂ ਕਿਹਾ ਕਿ ਆਖ਼ਰ ਪੀੜਤ ਪਰਿਵਾਰਾਂ ਨੂੰ ਹੋਰ ਕਿੰਨੇ ਸਾਲ ਸਰਕਾਰੀ ਦਫ਼ਤਰਾਂ ਦੇ ਚੱਕਰ ਕੱਟਣੇ ਪੈਣਗੇ? ਜਿਨ੍ਹਾਂ ਪਰਿਵਾਰਾਂ ਨੇ ਆਪਣੇ ਪਿਆਰਿਆਂ ਨੂੰ ਗੁਆਇਆ, ਉਨ੍ਹਾਂ ਨੂੰ ਅੱਜ ਵੀ ਇਨਸਾਫ਼ ਅਤੇ ਮੁਆਵਜ਼ੇ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਵੇਲੇ ਵੱਡੇ-ਵੱਡੇ ਵਾਅਦੇ ਕਰਨ ਵਾਲੀਆਂ ਸਰਕਾਰਾਂ ਨੂੰ ਹੁਣ ਜਵਾਬ ਦੇਣਾ ਚਾਹੀਦਾ ਹੈ ਕਿ 42 ਸਾਲਾਂ ਵਿੱਚ ਪੀੜਤਾਂ ਦੀਆਂ ਸਮੱਸਿਆਵਾਂ ਦਾ ਸਥਾਈ ਹੱਲ ਕਿਉਂ ਨਹੀਂ ਹੋ ਸਕਿਆ। ਪੁਰਾਣੇ ਜ਼ਖ਼ਮਾਂ ਨੂੰ ਮੁੜ ਕੁਰੇਦਣ ਅਤੇ ਬਜ਼ੁਰਗ ਪੀੜਤਾਂ ਨੂੰ ਸਰਕਾਰੀ ਪ੍ਰਕਿਰਿਆਵਾਂ ਵਿੱਚ ਉਲਝਾਉਣ ਦੀ ਬਜਾਏ ਹੁਣ ਠੋਸ ਕਾਰਵਾਈ, ਪਾਰਦਰਸ਼ੀ ਮੁਆਵਜ਼ਾ ਨੀਤੀ ਅਤੇ ਸਮਾਂਬੱਧ ਫ਼ੈਸਲਾ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਪ੍ਰਧਾਨ ਮੰਤਰੀ, ਝਾਰਖੰਡ ਦੇ ਮੁੱਖ ਮੰਤਰੀ, ਬੋਕਾਰੋ ਦੇ ਡਿਪਟੀ ਕਮਿਸ਼ਨਰ ਅਤੇ ਐੱਸ.ਡੀ.ਓ. ਤੱਕ ਪੀੜਤਾਂ ਦੀ ਆਵਾਜ਼ ਪਹੁੰਚਾਉਂਦਿਆਂ ਇਨਸਾਫ਼ ਦੀ ਮੰਗ ਕੀਤੀ। ਸਮਾਗਮ ਦੌਰਾਨ ਸੰਗਤ ਨੇ 73 ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਨਮਨ ਕੀਤਾ। ਮੌਕੇ ਤੇ ਹਾਜਿਰ ਬੁਲਾਰਿਆਂ ਨੇ ਕਿਹਾ ਕਿ ‘ਸੱਚ ਦੀ ਕੰਧ’ ਆਉਣ ਵਾਲੀਆਂ ਪੀੜ੍ਹੀਆਂ ਨੂੰ 1984 ਦੇ ਦਰਦਨਾਕ ਇਤਿਹਾਸ ਦੀ ਯਾਦ ਦਿਵਾਉਂਦੀ ਰਹੇਗੀ। ਕੌਮ ਆਪਣੇ ਸ਼ਹੀਦਾਂ ਨੂੰ ਭੁੱਲਣ ਵਾਲੀ ਨਹੀਂ ਅਤੇ ਇਨਸਾਫ਼ ਦੀ ਆਵਾਜ਼ ਵੀ ਖ਼ਾਮੋਸ਼ ਨਹੀਂ ਹੋਣ ਦਿੱਤੀ ਜਾਵੇਗੀ। ਇਸ ਮੌਕੇ ਇੰਦਰ ਸਿੰਘ ਇੰਦਰ, ਅਮਰਜੀਤ ਸਿੰਘ ਭਾਮਰਾ ਅਤੇ ਮਨਪ੍ਰੀਤ ਸਿੰਘ ਸਮੇਤ ਹੋਰ ਸੰਗਤਾਂ ਹਾਜ਼ਰ ਸਨ।