ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫ਼ੇ ਦਾ ਐਲਾਨ; ਮਹਿੰਗਾਈ ਭੱਤੇ ਵਿੱਚ ਤਿੰਨ ਫੀਸਦੀ ਦਾ ਵਾਧਾ

ਕੌਮੀ ਮਾਰਗ ਬਿਊਰੋ | November 04, 2026 09:25 PM

ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫ਼ੇ ਵਜੋਂ ਮਹਿੰਗਾਈ ਭੱਤੇ ਵਿੱਚ ਤਿੰਨ ਫੀਸਦੀ ਵਾਧੇ ਦਾ ਐਲਾਨ ਕੀਤਾ, ਜਿਸ ਨਾਲ ਸਾਡੀ ਸਰਕਾਰ ਦੇ ਕਾਰਜਕਾਲ ਵਿੱਚ ਮਹਿੰਗਾਈ ਭੱਤਾ 2022 ਦੇ 28 ਫੀਸਦੀ ਤੋਂ ਵਧ ਕੇ 53 ਫੀਸਦੀ ਹੋ ਗਿਆ ਹੈ। ਵਧਿਆ ਹੋਇਆ ਮਹਿੰਗਾਈ ਭੱਤਾ ਦਸੰਬਰ ਦੀਆਂ ਤਨਖ਼ਾਹਾਂ ਤੇ ਪੈਨਸ਼ਨਾਂ ਨਾਲ ਮਿਲੇਗਾ। ਇਸ ਐਲਾਨ ਨਾਲ ਪਿਛਲੇ ਦੋ ਮਹੀਨਿਆਂ ਵਿੱਚ ਮਹਿੰਗਾਈ ਭੱਤੇ ਵਿੱਚ 11 ਫੀਸਦੀ ਵਾਧਾ ਹੋਇਆ ਹੈ, ਜਿਸ ਨਾਲ ਅੱਠ ਲੱਖ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਲਾਭ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਅਕਸਰ ਖ਼ਜ਼ਾਨਾ ਖ਼ਾਲੀ ਹੋਣ ਦਾ ਰੋਣਾ ਰੋਂਦੀਆਂ ਸਨ ਪਰ ਸਾਡੀ ਸਰਕਾਰ ਨੇ ਮੁਲਾਜ਼ਮਾਂ ਦੀ ਭਲਾਈ ਨੂੰ ਤਰਜੀਹ ਦਿੱਤੀ ਅਤੇ ਇਹ ਯਕੀਨੀ ਬਣਾਇਆ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਉਨ੍ਹਾਂ ਦੇ ਜਾਇਜ਼ ਹੱਕ ਤੋਂ ਵਾਂਝਾ ਰੱਖਣ ਵਿੱਚ ਵਿੱਤੀ ਮੁਸ਼ਕਲਾਂ ਨੂੰ ਬਹਾਨਾ ਨਹੀਂ ਬਣਾਇਆ ਜਾਵੇਗਾ।

ਸੋਸ਼ਲ ਮੀਡੀਆ ਪਲੇਟਫਾਰਮ ਐਕਸ `ਤੇ ਪੋਸਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਪੰਜਾਬ ਦੇ ਲਗਪਗ ਅੱਠ ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਅਸੀਂ ਮਹਿੰਗਾਈ ਭੱਤੇ ਵਿੱਚ ਤਿੰਨ ਫੀਸਦੀ ਵਾਧੇ ਦਾ ਐਲਾਨ ਕੀਤਾ ਹੈ। ਇਸ ਨਾਲ ਡੀ.ਏ. ਵਧ ਕੇ 53 ਫੀਸਦੀ ਹੋ ਗਿਆ ਹੈ, ਜਿਸ ਨਾਲ ਮੁਲਾਜ਼ਮਾਂ ਨੂੰ ਲਗਪਗ 3, 988 ਕਰੋੜ ਰੁਪਏ ਦਾ ਸਾਲਾਨਾ ਵਿੱਤੀ ਲਾਭ ਮਿਲੇਗਾ। ਮੁਲਾਜ਼ਮ ਸਾਡੀ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ ਅਤੇ ਅਸੀਂ ਉਨ੍ਹਾਂ ਦੀ ਭਲਾਈ, ਹੱਕਾਂ ਅਤੇ ਸਰਵਪੱਖੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। ਸਾਰੇ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦੀਵਾਲੀ ਦੀਆਂ ਲੱਖ-ਲੱਖ ਵਧਾਈਆਂ।”

ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਪ੍ਰਸ਼ਾਸਨ ਅਤੇ ਲੋਕ ਸੇਵਾ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਅਥਾਹ ਯੋਗਦਾਨ ਨੂੰ ਸਵੀਕਾਰ ਕੀਤਾ। ਉਨ੍ਹਾਂ ਕਿਹਾ, “ਮੁਲਾਜ਼ਮ ਅਤੇ ਪੈਨਸ਼ਨਰ ਪੰਜਾਬ ਸਰਕਾਰ ਦੇ ਪਰਿਵਾਰਕ ਮੈਂਬਰ ਹਨ ਅਤੇ ਪ੍ਰਸ਼ਾਸਨਿਕ ਮਸ਼ੀਨਰੀ ਦੀ ਰੀੜ੍ਹ ਦੀ ਹੱਡੀ ਹਨ। ਉਹ ਆਮ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਦੂਰ ਕਰਨ, ਅਮਨ-ਕਾਨੂੰਨ ਬਣਾਈ ਰੱਖਣ ਅਤੇ ਵੱਖ-ਵੱਖ ਭਲਾਈ ਸਕੀਮਾਂ ਲਾਗੂ ਕਰਨ ਲਈ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਆਪਣੀਆਂ ਡਿਊਟੀਆਂ ਨਿਭਾ ਰਹੇ ਹਨ।”

ਮੁੱਖ ਮੰਤਰੀ ਨੇ ਕਿਹਾ, “ਅਸੀਂ ਲੋਕ ਭਲਾਈ ਦੀਆਂ ਅਨੇਕਾਂ ਸਕੀਮਾਂ ਲਾਗੂ ਕਰਨ ਵਿੱਚ ਜੋ ਸਫ਼ਲਤਾ ਹਾਸਲ ਕੀਤੀ ਹੈ, ਉਹ ਮੁੱਖ ਤੌਰ `ਤੇ ਸਾਡੇ ਮੁਲਾਜ਼ਮਾਂ ਦੇ ਬੇਮਿਸਾਲ ਯੋਗਦਾਨ ਕਾਰਨ ਸੰਭਵ ਹੋਇਆ ਹੈ।”

ਮੁੱਖ ਮੰਤਰੀ ਨੇ ਸਮੂਹ ਮੁਲਾਜ਼ਮਾਂ ਦੀ ਤਨਦੇਹੀ ਨਾਲ ਸੇਵਾ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਸਰਕਾਰੀ ਨੌਕਰੀਆਂ ਉੱਤੇ ਲਾਮਿਸਾਲ ਭਰਤੀ ਦੀਆਂ ਪਹਿਲਕਦਮੀਆਂ ਦੀ ਨਿਸ਼ਾਨਦੇਹੀ ਕੀਤੀ। ਉਨ੍ਹਾਂ ਕਿਹਾ, “ਸਾਡੀ ਸਰਕਾਰ ਨੇ ਪਿਛਲੇ ਚਾਰ ਸਾਲਾਂ ਅਤੇ ਨੌਂ ਮਹੀਨਿਆਂ ਦੌਰਾਨ ਸਰਕਾਰੀ ਵਿਭਾਗਾਂ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਭਰਤੀ ਮੁਹਿੰਮ ਚਲਾਈ ਹੈ। ਅਸੀਂ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ `ਤੇ ਨੌਜਵਾਨਾਂ ਨੂੰ 71, 777 ਸਰਕਾਰੀ ਨੌਕਰੀਆਂ ਦਿੱਤੀਆਂ ਹਨ।”

ਉਨ੍ਹਾਂ ਅੱਗੇ ਕਿਹਾ, “ਮੈਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਹੱਲ ਕਰਨ ਲਈ ਹਮੇਸ਼ਾ ਗੱਲਬਾਤ ਨੂੰ ਤਰਜੀਹ ਦਿੱਤੀ ਹੈ ਅਤੇ ਸਾਡੇ ਦਰਵਾਜ਼ੇ ਉਨ੍ਹਾਂ ਲਈ ਹਰ ਸਮੇਂ ਖੁੱਲ੍ਹੇ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਐਲਾਨ ਨਾਲ ਪੰਜਾਬ ਦੇ ਕਰੀਬ ਅੱਠ ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਜਾਵੇਗੀ। ਉਨ੍ਹਾਂ ਕਿਹਾ, “ਪੰਜਾਬ ਦੇ ਲਗਪਗ ਅੱਠ ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਇਹ ਖ਼ੁਸ਼ੀ ਦਾ ਦਿਨ ਹੈ। ਦੀਵਾਲੀ ਦੇ ਤੋਹਫ਼ੇ ਵਜੋਂ ਸਰਕਾਰੀ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਰਾਹਤ ਵਿੱਚ ਵਾਧੂ ਤਿੰਨ ਫੀਸਦੀ ਦਾ ਵਾਧਾ ਮਿਲ ਰਿਹਾ ਹੈ।”

ਉਨ੍ਹਾਂ ਅੱਗੇ ਕਿਹਾ, “ਇਹ ਵਾਧਾ ਪਹਿਲੀ ਨਵੰਬਰ ਤੋਂ ਲਾਗੂ ਹੋਵੇਗਾ ਅਤੇ ਦਸੰਬਰ ਮਹੀਨੇ ਵਿੱਚ ਦਿੱਤੀ ਜਾਣ ਵਾਲੀ ਤਨਖ਼ਾਹ ਅਤੇ ਪੈਨਸ਼ਨ ਵਿੱਚ ਤਿੰਨ ਵਾਧਾ ਸ਼ਾਮਲ ਹੋਵੇਗਾ। ਇਸ ਵਾਧੇ ਨਾਲ ਪੰਜਾਬ ਵਿੱਚ ਡੀ.ਏ. 50 ਫੀਸਦੀ ਤੋਂ ਵਧ ਕੇ 53 ਫੀਸਦੀ ਹੋ ਗਿਆ ਹੈ। ਜਦੋਂ ਅਸੀਂ 2022 ਵਿੱਚ ਅਹੁਦਾ ਸੰਭਾਲਿਆ ਸੀ ਤਾਂ ਸਰਕਾਰੀ ਮੁਲਾਜ਼ਮਾਂ ਨੂੰ ਸਿਰਫ਼ 28 ਫੀਸਦੀ ਦੀ ਦਰ ਨਾਲ ਡੀ.ਏ. ਮਿਲ ਰਿਹਾ ਸੀ।”

ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ 2022 ਵਿੱਚ ਸੱਤਾ ਸੰਭਾਲਣ ਤੋਂ ਬਾਅਦ ਲਗਾਤਾਰ ਡੀ.ਏ. ਵਿੱਚ ਵਾਧਾ ਕੀਤਾ ਹੈ। ਉਨ੍ਹਾਂ ਕਿਹਾ, “2022 ਤੋਂ ਲੈ ਕੇ ਹੁਣ ਤੱਕ ਸੂਬਾ ਸਰਕਾਰ ਨੇ ਡੀ.ਏ. ਵਿੱਚ 25 ਫ਼ੀਸਦੀ ਦਾ ਵਾਧਾ ਕੀਤਾ ਹੈ। ਮਹਿਜ਼ ਦੋ ਮਹੀਨੇ ਪਹਿਲਾਂ ਸਤੰਬਰ ਵਿੱਚ, ਡੀ.ਏ. ਵਿੱਚ ਅੱਠ ਫੀਸਦੀ ਵਾਧੇ ਦਾ ਐਲਾਨ ਕੀਤਾ ਗਿਆ ਸੀ। ਇਹ ਪਹਿਲੀ ਵਾਰ ਹੈ, ਜਦੋਂ ਕਿਸੇ ਸਰਕਾਰ ਨੇ ਮਹਿਜ਼ ਦੋ ਮਹੀਨਿਆਂ ਦੇ ਵਕਫ਼ੇ ਵਿੱਚ ਡੀ.ਏ. ਵਿੱਚ 11 ਫ਼ੀਸਦੀ ਦਾ ਵਾਧਾ ਕੀਤਾ ਹੈ।”

ਉਨ੍ਹਾਂ ਅੱਗੇ ਕਿਹਾ, “ਇਸ 11 ਫ਼ੀਸਦੀ ਦੇ ਵਾਧੇ ਨਾਲ ਮੌਜੂਦਾ ਵਿੱਤੀ ਸਾਲ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 1, 813 ਕਰੋੜ ਰੁਪਏ ਦਾ ਫਾਇਦਾ ਹੋਵੇਗਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ 2022 ਵਿੱਚ ਸੂਬਾ ਸਰਕਾਰ ਨੇ ਅਹੁਦਾ ਸੰਭਾਲਿਆ ਸੀ ਤਾਂ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਨਾਲ ਸਬੰਧਤ ਵੱਡੀ ਵਿੱਤੀ ਦੇਣਦਾਰੀ ਪਹਿਲਾਂ ਹੀ ਬਕਾਇਆ ਸੀ। ਉਨ੍ਹਾਂ ਕਿਹਾ, “ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੇ ਲਾਭ ਪਹਿਲੀ ਜਨਵਰੀ 2016 ਤੋਂ ਲਾਗੂ ਹੋਣੇ ਚਾਹੀਦੇ ਸਨ, ਪਰ ਇਸ ਦੀਆਂ ਸਿਫ਼ਾਰਸ਼ਾਂ ਨੂੰ ਜੁਲਾਈ 2021 ਵਿੱਚ ਲਾਗੂ ਕੀਤਾ ਗਿਆ ਸੀ। ਸਿੱਟੇ ਵਜੋਂ ਪਹਿਲੀ ਜਨਵਰੀ 2016 ਤੋਂ 30 ਜੂਨ 2021 ਦੇ ਲਗਪਗ 14, 191 ਕਰੋੜ ਰੁਪਏ ਦੇ ਬਕਾਏ ਇਕੱਠੇ ਹੋ ਗਏ ਸਨ।”

ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਇਸ ਲੰਬੇ ਸਮੇਂ ਤੋਂ ਲਟਕ ਰਹੀ ਵਿੱਤੀ ਦੇਣਦਾਰੀ ਨੂੰ ਯੋਜਨਾਬੱਧ ਤਰੀਕੇ ਨਾਲ ਹੱਲ ਕੀਤਾ ਹੈ ਅਤੇ 14, 191 ਕਰੋੜ ਰੁਪਏ ਦੇ ਬਕਾਏ ਦੀ ਅਦਾਇਗੀ ਲਈ ਪੜਾਅਵਾਰ ਯੋਜਨਾ ਤਿਆਰ ਕੀਤੀ ਹੈ। ਉਨ੍ਹਾਂ ਕਿਹਾ, “ਅਸੀਂ ਪੈਨਸ਼ਨਰਾਂ ਨੂੰ ਪਹਿਲ ਦਿੱਤੀ ਅਤੇ ਉਨ੍ਹਾਂ ਦੇ ਬਕਾਏ ਪਹਿਲੀ ਅਪਰੈਲ 2025 ਨੂੰ ਜਾਰੀ ਕਰ ਦਿੱਤੇ ਗਏ ਸਨ। ਸੇਵਾ ਨਿਭਾ ਰਹੇ ਸਰਕਾਰੀ ਮੁਲਾਜ਼ਮਾਂ ਦੇ ਬਕਾਏ ਪਹਿਲੀ ਅਪਰੈਲ 2026 ਤੋਂ ਜਾਰੀ ਕੀਤੇ ਜਾਣੇ ਸ਼ੁਰੂ ਹੋ ਗਏ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਹੁਣ ਤੱਕ 4, 891 ਕਰੋੜ ਰੁਪਏ ਦੇ ਬਕਾਏ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੇ 9, 300 ਕਰੋੜ ਰੁਪਏ ਵੀ ਅਦਾ ਕੀਤੇ ਜਾਣਗੇ।”

Have something to say? Post your comment

 
 
 

ਪੰਜਾਬ

ਈਡੀ ਨੇ ਮੋਗਾ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨਦੀਪ ਅਰੋੜਾ ਦੇ ਦੋ ਘਰਾਂ 'ਤੇ ਛਾਪੇਮਾਰੀ ਕੀਤੀ

ਬਾਬਾ ਬਲਬੀਰ ਸਿੰਘ ਵੱਲੋਂ ਦੱਖਣੀ ਪ੍ਰਚਾਰ-ਪ੍ਰਸਾਰ ਲਹਿਰ ਯਾਤਰਾ ਦੀ ਸੰਪੂਰਨਤਾ ’ਤੇ ਸਮੂਹ ਸਿੱਖ ਜਥੇਬੰਦੀਆਂ, ਸੰਤ-ਮਹਾਂਪੁਰਖਾਂ ਅਤੇ ਸੰਗਤਾਂ ਦਾ ਧੰਨਵਾਦ

ਰਾਹੁਲ ਗਾਂਧੀ ਤੇ ਮਲਿਕਾਰਜੁਨ ਖੜਗੇ ਨੇ ਨਸ਼ਿਆਂ, ਗੈਂਗਸਟਰਵਾਦ ਅਤੇ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ’ਤੇ ‘ਆਪ’ ਸਰਕਾਰ ਨੂੰ ਘੇਰਿਆ

1984 ਦੇ ਸਿੱਖ ਕਤਲੇਆਮ 'ਤੇ ਫੋਟੋ ਪ੍ਰਦਰਸ਼ਨੀ ਨਾਲ ਭਾਜਪਾ ਦਾ 'ਜ਼ਖ਼ਮ 84 ਦੇ' ਸੰਮੇਲਨ ਸ਼ੁਰੂ

ਚਲਦਾ ਵਹੀਰ ਗੁਰਮਤਿ ਪ੍ਰਚਾਰ ਤੇ ਅੰਮ੍ਰਿਤ ਸੰਚਾਰ ਲਹਿਰ ਤਹਿਤ ਗੁਰਦੁਆਰਾ ਅੱਚਲ ਸਾਹਿਬ ਬਟਾਲਾ ਵਿਖੇ ਹੋਇਆ ਵਿਸ਼ੇਸ਼ ਗੁਰਮਤਿ ਸਮਾਗਮ

ਯੂਕੇ ’ਚ ਰਾਇਲ ਏਅਰ ਫੋਰਸ ਅੰਦਰ ਪਾਇਲਟ ਬਨਣ ਵਾਲੇ ਸਿੱਖ ਜਵਾਨ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

ਭਾਜਪਾ ਦੀ ਛਾਪੇਮਾਰੀ ਅਤੇ ਧੱਕੇਸ਼ਾਹੀ ‘ਆਪ` ਨੂੰ ਨਹੀਂ ਰੋਕ ਸਕਦੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੰਗਤ ਦੀ ਸਹੂਲਤ ਅਤੇ ਨਿਰਵਿਘਨ ਪ੍ਰਬੰਧਾਂ ਦੀ ਸਮੀਖਿਆ ਲਈ ਹਰਪਾਲ ਸਿੰਘ ਚੀਮਾ ਵੱਲੋਂ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ

ਕਰਮਚਾਰੀਆਂ ਦੇ ਮਹਿੰਗਾਈ ਭੱਤੇ ਦੇ ਬਕਾਏ ਦਾ ਭੁਗਤਾਨ ਨਾ ਕਰਨ 'ਤੇ ਪੰਜਾਬ ਦੇ ਮੁੱਖ ਸਕੱਤਰ ਨੂੰ ਅਦਾਲਤੀ ਹੁਕਮਾਂ ਦੀ ਉਲੰਘਣਾ ਦਾ ਨੋਟਿਸ

ਕਾਂਗਰਸ ਸਿੱਖ ਕਤਲੇਆਮ ਦੇ ਇਨਸਾਫ਼ ਦਾ ਜਵਾਬ ਦੇਵੇ : ਕੇਵਲ ਸਿੰਘ ਢਿੱਲੋਂ