ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਬੰਦੀ ਛੋੜ ਦਿਵਸ ਮੌਕੇ ਕੌਮ ਦੇ ਨਾਂ ਸੰਦੇਸ਼-ਪੰਥਕ ਲਾਮਬੰਦੀ ’ਤੇ ਜ਼ੋਰ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | November 08, 2026 09:11 PM


ਸ੍ਰੀ ਅੰਮ੍ਰਿਤਸਰ-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀਛੋੜ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਜਿਥੇ ਦੇਸ਼-ਵਿਦੇਸ਼ ਦੀਆਂ ਲੱਖਾਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ, ਉਥੇ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਬਾਬਾ ਨਿਹਾਲ ਸਿੰਘ ਤਰਨਾ ਦਲ ਹਰੀਆਂ ਵੇਲਾਂ, ਦਲ ਪੰਥ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਤਰਨਾ ਦਲ ਬਾਬਾ ਬਕਾਲਾ ਦੇ ਮੁਖੀ ਬਾਬਾ ਜੋਗਾ ਸਿੰਘ, ਬਾਬਾ ਮੇਜਰ ਸਿੰਘ ਸੋਢੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਸ਼ਮੂਲੀਅਤ ਕੀਤੀ। ਬੰਦੀ ਛੋੜ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਗੁਰਮਤਿ ਸਮਾਗਮਾਂ ਦੌਰਾਨ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਜਥਿਆਂ, ਪ੍ਰਚਾਰਕਾਂ ਅਤੇ ਕਵੀਆਂ ਨੇ ਗੁਰਬਾਣੀ ਕੀਰਤਨ ਅਤੇ ਇਤਿਹਾਸ ਦੁਆਰਾ ਸੰਗਤ ਨਾਲ ਸਾਂਝ ਪਾਈ।
ਇਸੇ ਦੌਰਾਨ ਪ੍ਰੰਪਰਾ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਸਿੱਖ ਪੰਥ ਦੇ ਨਾਂ ਸੰਦੇਸ਼ ਦਿੰਦਿਆਂ ਪੰਥਕ ਏਕਤਾ, ਬੰਦੀ ਸਿੰਘਾਂ ਦੀ ਰਿਹਾਈ, ਸਿੱਖ ਸੰਸਥਾਵਾਂ ਦੀ ਮਜ਼ਬੂਤੀ ਅਤੇ ਸਿੱਖੀ ਸਿਧਾਂਤਾਂ ’ਤੇ ਪਹਿਰਾ ਦੇਣ ਦਾ ਸੱਦਾ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਬੰਦੀ ਛੋੜ ਦਿਵਸ ਸਾਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਗਵਾਲੀਅਰ ਦੇ ਕਿਲ੍ਹੇ ਵਿੱਚੋਂ 52 ਰਾਜਿਆਂ ਨੂੰ ਰਿਹਾਅ ਕਰਵਾਉਣ ਦੀ ਇਤਿਹਾਸਕ ਘਟਨਾ ਦੀ ਯਾਦ ਦਿਵਾਉਂਦਾ ਹੈ। ਇਸ ਦਿਹਾੜੇ ’ਤੇ ਸਿੱਖ ਸੰਗਤ ਗੁਰੂ ਸਾਹਿਬ ਨਾਲ ਜੁੜਨ, ਗੁਰਬਾਣੀ ਅਨੁਸਾਰ ਜੀਵਨ ਜਿਊਣ ਅਤੇ ਸਾਰੇ ਬੰਧਨਾਂ ਤੋਂ ਮੁਕਤ ਹੋਣ ਦਾ ਸੰਕਲਪ ਕਰੇ।
ਜਥੇਦਾਰ ਗੜਗੱਜ ਨੇ ਕਿਹਾ ਕਿ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਲਈ ਪੰਥ ਨੂੰ ਇਕਜੁੱਟ ਹੋ ਕੇ ਆਵਾਜ਼ ਉਠਾਉਣੀ ਚਾਹੀਦੀ ਹੈ। ਭਾਈ ਬਲਵੰਤ ਸਿੰਘ ਰਾਜੋਆਣਾ ਸਮੇਤ ਭਾਈ ਜਗਤਾਰ ਸਿੰਘ ਹਵਾਰਾ, ਭਾਈ ਜਗਤਾਰ ਸਿੰਘ ਤਾਰਾ, ਭਾਈ ਪਰਮਜੀਤ ਸਿੰਘ ਭਿਓਰਾ, ਭਾਈ ਗੁਰਦੀਪ ਸਿੰਘ ਖੇੜਾ ਅਤੇ ਪ੍ਰੋ. ਦੇਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਸੁਹਿਰਦਤਾ ਨਾ ਦਿਖਾਉਣ ਦੀ ਸੂਰਤ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਮੁੱਚੇ ਪੰਥ ਦੇ ਸਹਿਯੋਗ ਨਾਲ ਵਿਸ਼ੇਸ਼ ਪ੍ਰੋਗਰਾਮ ਉਲੀਕਣਾ ਚਾਹੀਦਾ ਹੈ।
ਉਨ੍ਹਾਂ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਅਤੇ ਗੁਰਦੁਆਰਾ ਪ੍ਰਬੰਧ ਵਿੱਚ ਸਰਕਾਰੀ ਦਖ਼ਲ ਦੀਆਂ ਨੀਤੀਆਂ ਪ੍ਰਤੀ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗੁਰਦੁਆਰਾ ਪ੍ਰਬੰਧ ਸਬੰਧੀ ਆਪਸੀ ਵਿਵਾਦਾਂ ਕਾਰਨ ਵਿਦੇਸ਼ਾਂ ਵਿੱਚ ਗੁਰੂ ਘਰਾਂ ਦੇ ਫੰਡ ਕਾਨੂੰਨੀ ਲੜਾਈਆਂ ’ਤੇ ਖ਼ਰਚ ਹੋ ਰਹੇ ਹਨ, ਜਦਕਿ ਇਹ ਰਕਮ ਧਰਮ ਪ੍ਰਚਾਰ ਅਤੇ ਪੰਥਕ ਭਲਾਈ ਲਈ ਵਰਤੀ ਜਾਣੀ ਚਾਹੀਦੀ ਹੈ।
ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਉਨ੍ਹਾਂ ਸਿੱਖੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਨ ’ਤੇ ਜ਼ੋਰ ਦਿੱਤਾ। ਨਾਲ ਹੀ ਵਿਦੇਸ਼ਾਂ ਵਿੱਚ ਵੱਸਦੀਆਂ ਚੌਥੀ ਅਤੇ ਪੰਜਵੀਂ ਪੀੜ੍ਹੀਆਂ ਨੂੰ ਪੰਜਾਬ, ਆਪਣੇ ਪਿੰਡਾਂ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਾਲ ਜੋੜੀ ਰੱਖਣ ਦੀ ਅਪੀਲ ਕੀਤੀ।
ਭਾਰਤ ਅੰਦਰ ਸਿੱਖਾਂ ਦੀ ਘਟਦੀ ਅਬਾਦੀ ਉੱਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਗੁਰਬਾਣੀ ਦੀ ਸੇਧ ਅਨੁਸਾਰ ਗੁਰੂ ਸਾਹਿਬ ਉੱਤੇ ਭਰੋਸਾ ਰੱਖਣ ਅਤੇ ਕੌਮੀ ਹਿਤਾਂ ਦੇ ਮੱਦੇਨਜ਼ਰ ਸਿੱਖ ਕੌਮ ਤੇ ਆਪਣੇ ਪਰਿਵਾਰਾਂ ਦੇ ਵਾਧੇ ਲਈ ਇੱਛਾ ਰੱਖਣ ਤੇ ਲੋਚਣ ਦੀ ਪ੍ਰੇਰਣਾ ਕੀਤੀ।
ਉਨ੍ਹਾਂ ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਨੂੰ ਅਨੁਸ਼ਾਸਨ ਅਤੇ ਜ਼ਿੰਮੇਵਾਰੀ ਨਾਲ ਵਿਚਰਨ, ਸਿੱਖ ਕਕਾਰਾਂ ਦੀ ਮਰਯਾਦਾ ਕਾਇਮ ਰੱਖਣ ਅਤੇ ਅਜਿਹੇ ਕਿਸੇ ਵੀ ਵਿਹਾਰ ਤੋਂ ਬਚਣ ਲਈ ਕਿਹਾ ਜਿਸ ਨਾਲ ਸਮੁੱਚੇ ਪੰਥ ਦੀ ਛਵੀ ਪ੍ਰਭਾਵਿਤ ਹੋਵੇ। ਉਨ੍ਹਾਂ ਭਾਰਤੀ ਹਵਾਈ ਅੱਡਿਆਂ ’ਤੇ ਕਿਰਪਾਨ ਪਹਿਨ ਕੇ ਕੰਮ ਕਰਨ ਤੋਂ ਰੋਕਣ ਅਤੇ ਮੁਕਾਬਲਾ ਪ੍ਰੀਖਿਆਵਾਂ ਦੌਰਾਨ ਕਕਾਰ ਉਤਾਰਨ ਲਈ ਮਜਬੂਰ ਕਰਨ ਦੇ ਮਾਮਲਿਆਂ ਨੂੰ ਸਿੱਖਾਂ ਦੇ ਧਾਰਮਿਕ ਤੇ ਮਾਨਵੀ ਅਧਿਕਾਰਾਂ ਦੀ ਉਲੰਘਣਾ ਕਰਾਰ ਦਿੱਤਾ।
ਜਥੇਦਾਰ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਬਿਨਾਂ ਦੇਰੀ ਖੋਲ੍ਹਣ, ਵਿਛੜੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ ਦੀਦਾਰ ਦੀ ਸਹੂਲਤ ਦੇਣ ਅਤੇ ਗੁਰੂ ਸਾਹਿਬਾਨ, ਮਹਾਰਾਜਾ ਰਣਜੀਤ ਸਿੰਘ ਦੇ ਸਿੱਖ ਰਾਜ ਤੇ ਸਿੱਖ ਸ਼ਹੀਦਾਂ ਨਾਲ ਸਬੰਧਤ ਵਿਰਾਸਤ ਨੂੰ ਮੂਲ ਸਰੂਪ ਵਿੱਚ ਸੰਭਾਲਣ ਦੀ ਲੋੜ ਵੀ ਉਭਾਰੀ। ਉਨ੍ਹਾਂ ਕਿਹਾ ਕਿ ਸਿੱਖ ਵਿਰਾਸਤ ਨੂੰ ਹੂਬਹੂ ਸੰਭਾਲਣਾ ਚਾਹੀਦਾ ਹੈ ਇਸ ਲਈ ਭਾਵੇਂ ਕੋਈ ਮੁੱਲ ਤਾਰਨਾ ਪਵੇ।
ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਦਾ ਸਿਧਾਂਤ ਸਿੱਖੀ ਦਾ ਅਹਿਮ ਆਧਾਰ ਹੈ। ਪੰਜਾਬ ਦੀਆਂ ਸਮੂਹ ਪੰਥਕ, ਧਾਰਮਿਕ ਅਤੇ ਸਿਆਸੀ ਧਿਰਾਂ ਨੂੰ ਪੰਥ ਅਤੇ ਪੰਜਾਬ ਦੇ ਹਿੱਤਾਂ ਲਈ ਇਕ ਮੰਚ ’ਤੇ ਇਕੱਠੇ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਡ-ਅੱਡ ਤੁਰ ਕੇ ਸਿੱਖਾਂ ਨੂੰ ਕੋਈ ਪ੍ਰਾਪਤੀ ਨਹੀਂ ਹੋਵੇਗੀ ਅਤੇ ਜੇਕਰ ਇਕਜੁੱਟ ਹੋਣਗੇ ਤਾਂ ਕੁਝ ਵੀ ਹਾਸਲ ਕਰ ਸਕਦੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਵਾਨਿਤ ਸਿੱਖ ਰਹਿਤ ਮਰਯਾਦਾ ਨੂੰ ਪੰਥਕ ਏਕਤਾ ਦਾ ਸਾਂਝਾ ਅਧਾਰ ਦੱਸਦਿਆਂ ਉਨ੍ਹਾਂ ਆਪਸੀ ਪ੍ਰੇਮ ਅਤੇ ਸਹਿਮਤੀ ਵਧਾਉਣ ਦੀ ਅਪੀਲ ਕੀਤੀ।
ਉਨ੍ਹਾਂ ਬੱਚਿਆਂ ਨੂੰ ਉੱਚ ਪੱਧਰੀ ਸਿੱਖਿਆ ਦਿਵਾਉਣ, ਕੋਈ ਵੀ ਬੱਚਾ ਅਨਪੜ੍ਹ ਨਾ ਰਹਿਣ ਦੇਣ, ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਜਲ ਸਰੋਤਾਂ ਨੂੰ ਪ੍ਰਦੂਸ਼ਣ ਮੁਕਤ ਰੱਖਣ ਦਾ ਸੱਦਾ ਵੀ ਦਿੱਤਾ। ਉਨ੍ਹਾਂ ਪੰਜਾਬ ਦੀਆਂ ਕੀਮਤੀ ਜ਼ਮੀਨਾਂ ਦੀ ਸੰਭਾਲ ਕਰਨ ’ਤੇ ਜ਼ੋਰ ਦਿੱਤਾ।
ਸੰਦੇਸ਼ ਦੇ ਅੰਤ ਵਿੱਚ ਗਿਆਨੀ ਕੁਲਦੀਪ ਸਿੰਘ ਨੇ ਸਿੱਖ ਸੰਗਤ ਨੂੰ ਦੇਹਧਾਰੀ ਡੰਮਾਂ ਅਤੇ ਵਹਿਮਾਂ-ਭਰਮਾਂ ਤੋਂ ਦੂਰ ਰਹਿ ਕੇ ਕੇਵਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਆਪਣਾ ਗੁਰੂ ਮੰਨਣ, ਗੁਰਬਾਣੀ ਨਾਲ ਜੁੜਨ ਅਤੇ ਚੜ੍ਹਦੀ ਕਲਾ ਵਿੱਚ ਰਹਿੰਦਿਆਂ ਸਮੁੱਚੀਆਂ ਚੁਣੌਤੀਆਂ ਦਾ ਇਕ ਪਰਿਵਾਰ ਵਾਂਗ ਸਾਹਮਣਾ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਵੀ ਸੰਗਤਾਂ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਗੁਰਮਤਿ ਅਨੁਸਾਰੀ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਕੀਤੀ।
ਇਸੇ ਦੌਰਾਨ ਚੱਲਦੀ ਪਰੰਪਰਾ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬ ਜਥੇਦਾਰ ਗਿਆਨੀ ਟੇਕ ਸਿੰਘ ਨੇ ਨਿਹੰਗ ਸਿੰਘ ਜਥੇਬੰਦੀਆਂ ਦਾ ਸਨਮਾਨ ਕੀਤਾ।
ਬੰਦੀ ਛੋੜ ਦਿਵਸ ਸਮਾਗਮਾਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਇੰਜੀ ਸੁਖਮਿੰਦਰ ਸਿੰਘ, ਨਿੱਜੀ ਸਕੱਤਰ ਸ. ਸਾਹਬਾਜ਼ ਸਿੰਘ, ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਸ. ਜਸਵਿੰਦਰ ਸਿੰਘ ਜੱਸੀ, ਸ. ਬਿਜੈ ਸਿੰਘ, ਸ. ਤਜਿੰਦਰ ਸਿੰਘ ਪੱਡਾ, ਸ. ਪ੍ਰੀਤਪਾਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਗੁਰਨਾਮ ਸਿੰਘ, ਸ. ਗੁਰਦਿਆਲ ਸਿੰਘ, ਸ. ਸੁਖਬੀਰ ਸਿੰਘ, ਸ. ਮਨਜੀਤ ਸਿੰਘ ਤਲਵੰਡੀ, ਸ. ਅਜਾਦ ਦੀਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਮੇਜ਼ਰ ਸਿੰਘ, ਮੈਨੇਜਰ ਸ. ਜਤਿੰਦਰਪਾਲ ਸਿੰਘ, ਸ. ਰਜਿੰਦਰ ਸਿੰਘ ਰੂਬੀ, ਸ. ਨਰਿੰਦਰ ਸਿੰਘ, ਸ. ਸਤਿੰਦਰ ਸਿੰਘ, ਇੰਚਾਰਜ ਸ. ਬਗੀਚਾ ਸਿੰਘ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਸ. ਗੁਰਿੰਦਰ ਸਿੰਘ ਦੇਵੀਦਾਸ ਪੁਰਾ, ਸ. ਜਸਬੀਰ ਸਿੰਘ, ਸ. ਯੁਵਰਾਜ ਸਿੰਘ, ਸ. ਗੁਰਵਿੰਦਰ ਸਿੰਘ ਭੋਮਾ, ਸ. ਹਰਵਿੰਦਰ ਸਿੰਘ, ਗਿਆਨੀ ਹਰਮਿੱਤਰ ਸਿੰਘ, ਗਿਆਨੀ ਪ੍ਰੇਮ ਸਿੰਘ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਆਦਿ ਹਾਜ਼ਰ ਸਨ।

Have something to say? Post your comment

 
 

ਪੰਜਾਬ

ਪੰਜਾਬ ਵਿੱਚ ਪਰਾਲੀ ਸਾੜਨ ਦੇ 3,307 ਮਾਮਲੇ ਸਾਹਮਣੇ ਆਏ, 60.60 ਲੱਖ ਰੁਪਏ ਦਾ ਲਗਾਇਆ ਗਿਆ ਜੁਰਮਾਨਾ

ਪੰਜਾਬ ਦੇ ਮੋਸਟ ਵਾਂਟੇਡ ਗੈਂਗਸਟਰ ਗੁਰਵਿੰਦਰ ਉਰਫ਼ ਅਫਰੀਦੀ ਨੂੰ 10 ਮਹੀਨਿਆਂ ਦੀ ਤਲਾਸ਼ ਤੋਂ ਬਾਅਦ ਇਥੋਪੀਆ ਤੋਂ ਭਾਰਤ ਹਵਾਲੇ ਕੀਤਾ ਗਿਆ

ਖਾਲਸਾ ਯੂਨੀਵਰਸਿਟੀ’ ਵਿਸ਼ਵ ਪੱਧਰੀ ਮੁਕਾਬਲੇ ਲਈ ਉਭਰਦਾ ਸਮਾਜ ਸਿਰਜਣ ਲਈ ਵਚਨਬੱਧ

ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; 'ਆਪ' ਆਪਣੇ ਵਿਕਾਸ ਦੇ ਰਿਕਾਰਡ 'ਤੇ ਚੋਣ ਲੜੇਗੀ: ਬਲਤੇਜ ਪੰਨੂ

ਬੰਦੀ ਛੋੜ ਦਿਵਸ- ਦੀਵਾਲੀ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ-ਬਾਬਾ ਬਲਬੀਰ ਸਿੰਘ

ਗੁ: ਬੰਦੀ ਛੋੜ ਕਿਲ੍ਹਾ ਗਵਾਲੀਅਰ ਤੋਂ ਚਲੀ ਸ਼ਬਦ ਚੌਂਕੀ ਦਾ ਬੁਰਜ ਅਕਾਲੀ ਫੂਲਾ ਸਿੰਘ ਛਾਉਣੀ ਬੁੱਢਾ ਦਲ ਵਿਖੇ ਨਿੱਘਾ ਸਵਾਗਤ

ਬਰਿੰਦਰ ਕੁਮਾਰ ਗੋਇਲ ਵੱਲੋਂ ਗੋਆ ਵਿਖੇ ਕੌਮੀ ਖਣਨ ਸੰਮੇਲਨ ਦੌਰਾਨ ਪੰਜਾਬ ਦੇ ਹਿੱਤਾਂ ਦੀ ਜੋਰਦਾਰ ਪੈਰਵੀ

ਰੈਗੂਲਰ ਕੀਤੇ ਗਏ ਮੁਲਾਜ਼ਮਾਂ ਨੂੰ ਤਨਖ਼ਾਹ ਨਾਲ ਸਬੰਧਤ ਲਾਭ ਵੀ ਦਿੱਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਲੀ ਗੱਲਬਾਤ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਰ ਕਮੇਟੀ ਨੇ ਪੰਜਾਬ ਸਰਕਾਰ ਦੇ ਸਤਿਕਾਰ ਐਕਟ ਦੇ ਅਮਲ ’ਤੇ ਮੁਕੰਮਲ ਰੋਕ ਲਗਾਉਣ ਲਈ ਕਿਹਾ

ਪਟਾਕਿਆਂ ਦੇ ਹਾਦਸਿਆਂ ਦੇ ਉਪਚਾਰ ਲਈ ਪੀਜੀਆਈ ਤਿਆਰ- ਪ੍ਰੋ. ਅਤੁਲ ਪਰਾਸ਼ਰ