ਚੰਡੀਗੜ੍ਹ-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਮੌਕੇ ਸਮੂਹ ਪੰਜਾਬ ਵਾਸੀਆਂ ਅਤੇ ਵਿਸ਼ਵ ਭਰ ਵਿੱਚ ਵੱਸਦੇ ਪੰਜਾਬੀਆਂ ਨੂੰ ਨਿੱਘੀ ਵਧਾਈ ਦਿੱਤੀ ਹੈ।
ਸਪੀਕਰ ਸੰਧਵਾਂ ਨੇ ਇਸ ਮਹਾਨ ਸ਼ਾਸਕ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਨੂੰ ਇੱਕ ਮਹਾਨ ਸਮਰਾਟ, ਬੇਮਿਸਾਲ ਯੋਧਾ ਅਤੇ ਯੋਗ ਪ੍ਰਸ਼ਾਸਕ ਦੱਸਿਆ, ਜਿਨ੍ਹਾਂ ਨੇ ਵੱਖ-ਵੱਖ ਸਿੱਖ ਮਿਸਲਾਂ ਨੂੰ ਇੱਕਜੁੱਟ ਕਰਕੇ ਇੱਕ ਵਿਸ਼ਾਲ ਅਤੇ ਪ੍ਰਭੂਸੱਤਾ ਸੰਪੰਨ ਸਿੱਖ ਰਾਜ ਦੀ ਸਥਾਪਨਾ ਕੀਤੀ।
ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦਾ ਰਾਜ ਇਤਿਹਾਸ ਵਿੱਚ ਇੱਕ ਸੁਨਹਿਰੀ ਯੁੱਗ ਵਜੋਂ ਜਾਣਿਆ ਜਾਂਦਾ ਹੈ, ਜਿਸ ਨੂੰ ਵਿਸ਼ਵ ਭਰ ਵਿੱਚ ਇਸ ਦੀ ਧਰਮ ਨਿਰਪੱਖ ਸੋਚ, ਫਿਰਕੂ ਸਦਭਾਵਨਾ, ਨਿਆਂ ਅਤੇ ਲੋਕ-ਭਲਾਈ ਵਾਲੀ ਸ਼ਾਸਨ ਪ੍ਰਣਾਲੀ ਲਈ ਜਾਣਿਆ ਜਾਂਦਾ ਹੈ।
ਸ. ਸੰਧਵਾਂ ਨੇ ਕਿਹਾ, "ਮਹਾਰਾਜਾ ਰਣਜੀਤ ਸਿੰਘ ਇੱਕ ਦੂਰਅੰਦੇਸ਼ੀ ਆਗੂ ਸਨ ਜਿਨ੍ਹਾਂ ਨੇ ਅਥਾਹ ਹਮਦਰਦੀ ਅਤੇ ਨਿਰਪੱਖਤਾ ਨਾਲ ਰਾਜ ਕੀਤਾ ਅਤੇ ਸਾਰੇ ਧਰਮਾਂ ਤੇ ਵਰਗਾਂ ਦੇ ਲੋਕਾਂ ਨੂੰ ਬਰਾਬਰ ਸਤਿਕਾਰ ਦਿੱਤਾ। ਉਨ੍ਹਾਂ ਵੱਲੋਂ ਮਿਸਲਾਂ ਦਾ ਇਤਿਹਾਸਕ ਏਕੀਕਰਨ ਕਰਨ ਨਾਲ ਨਾ ਸਿਰਫ਼ ਇੱਕ ਸ਼ਕਤੀਸ਼ਾਲੀ ਅਤੇ ਖ਼ੁਸ਼ਹਾਲ ਸਾਮਰਾਜ ਦੀ ਸਥਾਪਨਾ ਹੋਈ, ਸਗੋਂ ਪੰਜਾਬੀਆਂ ਵਿੱਚ ਮਾਣ ਅਤੇ ਏਕਤਾ ਦੀ ਸਦੀਵੀ ਭਾਵਨਾ ਵੀ ਪੈਦਾ ਹੋਈ।"
ਨੌਜਵਾਨਾਂ ਅਤੇ ਨਾਗਰਿਕਾਂ ਨੂੰ ਸ਼ੇਰ-ਏ-ਪੰਜਾਬ ਦੀ ਸ਼ਾਨਦਾਰ ਵਿਰਾਸਤ ਤੋਂ ਪ੍ਰੇਰਨਾ ਲੈਣ ਦੀ ਅਪੀਲ ਕਰਦਿਆਂ, ਸਪੀਕਰ ਨੇ ਸਾਰਿਆਂ ਨੂੰ ਇੱਕ ਅਗਾਂਹਵਧੂ ਅਤੇ ਸਦਭਾਵਨਾ ਵਾਲੇ ਪੰਜਾਬ ਦੀ ਸਿਰਜਣਾ ਲਈ ਉਨ੍ਹਾਂ ਦੇ ਸ਼ਾਂਤੀ, ਭਾਈਚਾਰਕ ਸਾਂਝ ਅਤੇ ਨਿਰਸਵਾਰਥ ਸੇਵਾ ਦੇ ਆਦਰਸ਼ਾਂ 'ਤੇ ਚੱਲਣ ਦਾ ਸੱਦਾ ਦਿੱਤਾ।