ਨਵੀਂ ਦਿੱਲੀ- ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਦੇ ਵਿਸ਼ੇਸ਼ ਉਪਰਾਲੇ ਅਤੇ ਅਗਵਾਈ ਹੇਠ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਐੱਲ ਬਲਾਕ, ਕਾਲਕਾ ਜੀ ਤੋਂ ਗੁਰਦੁਆਰਾ ਰਕਾਬ ਗੰਜ ਸਾਹਿਬ ਤੱਕ ਵਿਸ਼ਾਲ ਬਾਈਕ ਰੈਲੀ ਕੱਢੀ ਗਈ। ਇਸ ਰੈਲੀ ਵਿੱਚ ਵੱਖ-ਵੱਖ ਸਿੱਖ ਰਾਈਡਰਜ਼ ਗਰੁੱਪਾਂ ਦੇ 300 ਤੋਂ ਵੱਧ ਬਾਈਕਰਾਂ ਨੇ ਉਤਸ਼ਾਹ ਅਤੇ ਸ਼ਰਧਾ ਨਾਲ ਸ਼ਮੂਲੀਅਤ ਕੀਤੀ। ਸਰਦਾਰ ਹਰਮੀਤ ਸਿੰਘ ਕਾਲਕਾ ਨੇ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਰੈਲੀ ਦੇ ਪਹੁੰਚਣ ਉਪਰੰਤ ਉਨ੍ਹਾਂ ਸਮੂਹ ਸਿੱਖ ਰਾਈਡਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਨੌਜਵਾਨਾਂ ਨੇ ਇਸ ਰੈਲੀ ਵਿੱਚ ਸ਼ਾਮਲ ਹੋ ਕੇ ਗੁਰੂ ਤੇਗ ਬਹਾਦਰ ਸਾਹਿਬ ਜੀ ਪ੍ਰਤੀ ਆਪਣੀ ਅਥਾਹ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ ਹੈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਗੁਰੂ ਸਾਹਿਬ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਇਸ ਰੈਲੀ ਵਿੱਚ ਰਾਇਲ ਰਾਈਡਰਜ਼, ਰਾਇਲ ਗੱਭਰੂ ਅਤੇ ਹੋਰ ਕਈ ਸਿੱਖ ਰਾਈਡਰਜ਼ ਗਰੁੱਪਾਂ ਦੇ ਮੈਂਬਰਾਂ ਨੇ ਭਾਗ ਲਿਆ। ਉਨ੍ਹਾਂ ਕਿਹਾ ਕਿ ਸੰਗਤਾਂ ਵੱਲੋਂ ਗੁਰੂ ਸਾਹਿਬ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਅਜਿਹਾ ਉਪਰਾਲਾ ਕਰਨਾ ਬੇਹੱਦ ਸ਼ਲਾਘਾਯੋਗ ਹੈ। ਇਸ ਨਾਲ ਨੌਜਵਾਨ ਪੀੜ੍ਹੀ ਵਿੱਚ ਗੁਰੂ ਸਾਹਿਬ ਦੀ ਲਾਸਾਨੀ ਕੁਰਬਾਨੀ ਅਤੇ ਸਿੱਖ ਇਤਿਹਾਸ ਪ੍ਰਤੀ ਜਾਗਰੂਕਤਾ ਵਧੇਗੀ ਅਤੇ ਦੇਸ਼-ਦੁਨੀਆ ਵਿੱਚ ਵੀ ਗੁਰੂ ਸਾਹਿਬ ਦੇ ਸੰਦੇਸ਼ ਦਾ ਪ੍ਰਚਾਰ ਹੋਵੇਗਾ।
ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਧਾਰਮਿਕ ਆਜ਼ਾਦੀ, ਮਨੁੱਖੀ ਅਧਿਕਾਰਾਂ ਅਤੇ ਦੂਜਿਆਂ ਦੇ ਧਰਮ ਦੀ ਰੱਖਿਆ ਲਈ ਆਪਣਾ ਸੀਸ ਕੁਰਬਾਨ ਕਰ ਦਿੱਤਾ। ਉਨ੍ਹਾਂ ਦੀ ਸ਼ਹਾਦਤ ਸਮੁੱਚੀ ਮਨੁੱਖਤਾ ਲਈ ਮਹਾਨ ਪ੍ਰੇਰਣਾ ਹੈ। ਅਜਿਹੇ ਸਮਾਗਮਾਂ ਅਤੇ ਉਪਰਾਲਿਆਂ ਰਾਹੀਂ ਨੌਜਵਾਨਾਂ ਨੂੰ ਗੁਰੂ ਸਾਹਿਬ ਦੀ ਵਿਚਾਰਧਾਰਾ ਅਤੇ ਕੁਰਬਾਨੀ ਨਾਲ ਜੋੜਨਾ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਰੈਲੀ ਵਿੱਚ ਸ਼ਾਮਲ ਸਾਰੇ ਨੌਜਵਾਨਾਂ ਦੀ ਸ਼ਲਾਘਾ ਕਰਦਿਆਂ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਨੇ ਪੂਰੇ ਉਤਸ਼ਾਹ ਅਤੇ ਸ਼ਰਧਾ ਨਾਲ ਇਸ ਉਪਰਾਲੇ ਵਿੱਚ ਹਿੱਸਾ ਲੈ ਕੇ ਵਧਾਈ ਦੇ ਹੱਕਦਾਰ ਬਣੇ ਹਨ।