ਸੋਹਲ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਰੋਧੀ ਪਾਰਟੀਆਂ ’ਤੇ ਵਰ੍ਹਦਿਆਂ ਕਿਹਾ ਕਿ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਸਰਕਾਰ ਦੀਆਂ ਭਲਾਈ ਯੋਜਨਾਵਾਂ ਨੂੰ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਣ ਚਾਹੀਦੇ ਹਨ ਕਿਉਂਕਿ ਉਨ੍ਹਾਂ ਦੀ ਸਰਕਾਰ ਪੰਜਾਬੀਆਂ ਦੀ ਭਲਾਈ ਲਈ ਸਰਕਾਰੀ ਖ਼ਜ਼ਾਨੇ ਦਾ ਇਕ-ਇਕ ਪੈਸਾ ਖ਼ਰਚ ਕਰਨ ਲਈ ਵਚਨਬੱਧ ਹੈ।
ਗੁਰਦਾਸਪੁਰ ਦੇ ਪਿੰਡ ਸੋਹਲ ਵਿਖੇ ਇੱਕ ‘ਲੋਕ ਮਿਲਣੀ’ ਦੌਰਾਨ ਉਨ੍ਹਾਂ ਕਿਹਾ ਕਿ ਜਿੱਥੇ ਪਿਛਲੀਆਂ ਸਰਕਾਰਾਂ ਨੇ ਆਪਣੇ ਖ਼ਜ਼ਾਨੇ ਭਰੇ, ਉੱਥੇ ਹੀ ਉਨ੍ਹਾਂ ਦੀ ਸਰਕਾਰ ਨੇ ਮੁਫ਼ਤ ਬਿਜਲੀ, 71, 700 ਤੋਂ ਵੱਧ ਸਰਕਾਰੀ ਨੌਕਰੀਆਂ ਅਤੇ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਖ਼ਜ਼ਾਨਾ ਜਨਤਕ ਭਲਾਈ ਲਈ ਹਮੇਸ਼ਾ ਖੁੱਲ੍ਹਾ ਰਹੇਗਾ। ਉਨ੍ਹਾਂ ਨੇ ਵਿਰੋਧੀ ਧਿਰ ਨੂੰ ਆਪਣੇ ਰਿਕਾਰਡ ਦਾ ਹਿਸਾਬ ਦੇਣ ਦੀ ਚੁਣੌਤੀ ਦਿੱਤੀ ਅਤੇ ਅਕਾਲੀ ਦਲ ਦੇ ਭਾਜਪਾ ਨਾਲ ਪ੍ਰਸਤਾਵਿਤ ਰਾਜਨੀਤਿਕ ਸਮਝੌਤੇ 'ਤੇ ਸਵਾਲ ਉਠਾਏ, ਜਿਸ ਨੂੰ ਉਨ੍ਹਾਂ ਨੇ ਕਿਸਾਨ ਅੰਦੋਲਨ ਦੌਰਾਨ 750 ਕਿਸਾਨਾਂ ਦੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ ਸੀ।
‘ਲੋਕ ਮਿਲਣੀ’ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੇ ਪਹੁੰਚਣ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਪਿਆਰ ਨੇ ਪੰਜਾਬ ਦੀ ਸੇਵਾ ਕਰਨ ਦੇ ਉਨ੍ਹਾਂ ਦੇ ਸੰਕਲਪ ਨੂੰ ਹੋਰ ਮਜ਼ਬੂਤ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਿੰਡ ਸੋਹਲ ਲਈ ਦਿੱਤੀ ਗਈ 51 ਲੱਖ ਰੁਪਏ ਦੀ ਵਿਕਾਸ ਗ੍ਰਾਂਟ ਉਨ੍ਹਾਂ ਦੀ ਸਰਕਾਰ ਦੀ ਹਰ ਪਿੰਡ ਤੱਕ ਵਿਕਾਸ ਪਹੁੰਚਾਉਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਐਕਸ 'ਤੇ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਾਦੀਆਂ ਵਿਖੇ ‘ਲੋਕ ਮਿਲਣੀ’ ਦੌਰਾਨ ਮੈਨੂੰ ਜੋ ਭਰਵਾਂ ਪਿਆਰ ਅਤੇ ਸਨੇਹ ਮਿਲਿਆ ਹੈ, ਉਸ ਨੇ ਮੈਨੂੰ ਬਹੁਤ ਉਤਸ਼ਾਹ ਦਿੱਤਾ ਹੈ। ਮੇਰਾ ਮਕਸਦ ਮੰਚਾਂ ਤੋਂ ਸਿਆਸੀ ਭਾਸ਼ਣ ਦੇਣਾ ਨਹੀਂ, ਸਗੋਂ ਲੋਕਾਂ ਵਿੱਚ ਬੈਠਣਾ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਮੌਕੇ ’ਤੇ ਹੀ ਉਨ੍ਹਾਂ ਦਾ ਹੱਲ ਕਰਨਾ ਹੈ। ਪਿਛਲੀਆਂ ਸਰਕਾਰਾਂ ਨੇ ਆਪਣੇ ਖ਼ਜ਼ਾਨੇ ਭਰੇ, ਪਰ ਅਸੀਂ ਲੋਕਾਂ ਦੀ ਭਲਾਈ ਲਈ ਲੋਕਾਂ ਦਾ ਹੀ ਪੈਸਾ ਖ਼ਰਚ ਕਰ ਰਹੇ ਹਾਂ।
ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਾਰਟੀ ਪੰਜਾਬ ਦੇ ਵਿਕਾਸ ਨਾਲ ਜੁੜੇ ਮੁੱਦੇ ਉਠਾਉਣ ਦੀ ਬਜਾਏ, ਅੰਦਰੂਨੀ ਮਤਭੇਦਾਂ ਅਤੇ ਲੀਡਰਸ਼ਿਪ ਦੀ ਲੜਾਈ ਵਿੱਚ ਹੀ ਉਲਝੀ ਰਹੀ। ਉਨ੍ਹਾਂ ਕਿਹਾ, "ਕਾਂਗਰਸੀ ਆਗੂ ਆਪਸ ਵਿੱਚ ਲੜਨ ਵਿੱਚ ਰੁੱਝੇ ਹੋਏ ਹਨ ਅਤੇ ਸੱਤਾ ਵਿੱਚ ਲੰਬਾ ਸਮਾਂ ਰਹਿਣ ਦੇ ਬਾਵਜੂਦ, ਉਨ੍ਹਾਂ ਨੇ ਸੂਬੇ ਦੀ ਪ੍ਰਗਤੀ ਲਈ ਕੁਝ ਨਹੀਂ ਕੀਤਾ। ਉਨ੍ਹਾਂ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕਿਹੜੇ ਕਦਮ ਚੁੱਕੇ ਸਨ।"
ਅਕਾਲੀ ਦਲ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਰਟੀ ਨੇ ਆਪਣੇ ਪਿਛਲੇ ਰਿਕਾਰਡਾਂ ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵੀ ਸ਼ਾਮਲ ਹਨ, ਕਾਰਨ ਲੋਕਾਂ ਦਾ ਭਰੋਸਾ ਗੁਆ ਲਿਆ ਹੈ। ਉਨ੍ਹਾਂ ਨੇ ਬਾਦਲ ਪਰਿਵਾਰ ਦੇ ਬਦਲਦੇ ਸਿਆਸੀ ਰੁਖ਼ ਖਾਸ ਤੌਰ 'ਤੇ ਭਾਜਪਾ ਦੀ ਪਹਿਲਾਂ ਕੀਤੀ ਗਈ ਆਲੋਚਨਾ ਅਤੇ ਹੁਣ ਉਸੇ ਪਾਰਟੀ ਨਾਲ ਗੱਠਜੋੜ ਕਰਨ ਦੀਆਂ ਕੋਸ਼ਿਸ਼ਾਂ ਦੀ ਵੀ ਆਲੋਚਨਾ ਕੀਤੀ।
ਪੰਜਾਬ ਵਿੱਚ ਭਾਜਪਾ ਦੀ ਸਿਆਸੀ ਭਰੋਸੇਯੋਗਤਾ 'ਤੇ ਸਵਾਲ ਚੁੱਕਦਿਆਂ ਮੁੱਖ ਮੰਤਰੀ ਨੇ ਕਿਹਾ, "ਕੇਂਦਰ ਵਿੱਚ ਭਾਜਪਾ ਸਰਕਾਰ ਤਿੰਨ ਵਿਵਾਦਿਤ ਖੇਤੀ ਕਾਨੂੰਨ ਲੈ ਕੇ ਆਈ, ਜਿਸ ਕਾਰਨ ਕਿਸਾਨਾਂ ਨੂੰ ਲੰਬਾ ਸੰਘਰਸ਼ ਕਰਨਾ ਪਿਆ ਅਤੇ ਇਸ ਦੌਰਾਨ ਕਈ ਕਿਸਾਨਾਂ ਦੀ ਜਾਨ ਚਲੀ ਗਈ। ਭਾਜਪਾ ਆਗੂ ਹੁਣ ਉਨ੍ਹਾਂ ਹੀ ਕਿਸਾਨਾਂ ਤੋਂ ਵੋਟਾਂ ਕਿਵੇਂ ਮੰਗ ਸਕਦੇ ਹਨ, ਜਿਨ੍ਹਾਂ ਦੇ ਹਿੱਤਾਂ ਨੂੰ ਇਨ੍ਹਾਂ ਕਾਲੇ ਕਾਨੂੰਨਾਂ ਤੋਂ ਖ਼ਤਰਾ ਪੈਦਾ ਹੋਇਆ ਸੀ? ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਕੋਈ ਵੀ ਨਵੀਂ ਸਿਆਸੀ ਸਮਝੌਤੇਬਾਜ਼ੀ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਨੂੰ ਇੱਕ ਵਾਰ ਫਿਰ ਖ਼ਤਰੇ ਵਿੱਚ ਪਾ ਸਕਦੀ ਹੈ।"
ਸਾਲ 2007 ਤੋਂ 2017 ਤੱਕ ਅਕਾਲੀ ਦਲ-ਭਾਜਪਾ ਸਰਕਾਰ ਦੇ ਕਾਰਜਕਾਲ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਹ ਸਮਾਂ ਸੀ ਜਦੋਂ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਬਹੁਤ ਵੱਡੇ ਪੱਧਰ 'ਤੇ ਫੈਲ ਚੁੱਕੀ ਸੀ। ਆਪਣੇ ਪਿਛਲੇ ਰਿਕਾਰਡ ਦੇ ਬਾਵਜੂਦ ਲੋਕਾਂ ਦਾ ਸਮਰਥਨ ਮੰਗ ਰਹੇ ਆਗੂਆਂ ਦੀ ਭਰੋਸੇਯੋਗਤਾ 'ਤੇ ਸਵਾਲ ਚੁੱਕਦਿਆਂ, ਉਨ੍ਹਾਂ ਅਕਾਲੀ ਆਗੂਆਂ ਦੀ ਲਗਭਗ 750 ਕਰੋੜ ਰੁਪਏ ਦੀ ਜਾਇਦਾਦ ਦਾ ਜ਼ਿਕਰ ਕੀਤਾ, ਜਿਹਨਾਂ ਨੂੰ ਨਸ਼ਿਆਂ ਨਾਲ ਜੁੜੀਆਂ ਗਤੀਵਿਧੀਆਂ ਤੋਂ ਕਮਾਏ ਪੈਸੇ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਇਨ੍ਹਾਂ ਸਿਆਸੀ ਪਾਰਟੀਆਂ ਦੇ ਇਤਿਹਾਸ ਤੋਂ ਜਾਣੂ ਹਨ ਅਤੇ ਉਹ ਸੋਚ-ਸਮਝ ਕੇ ਫੈਸਲਾ ਲੈਣਗੇ।
ਲੋਕਾਂ ਨੂੰ ਸਿਆਸੀ ਪਾਰਟੀਆਂ ਦੇ ਅਸਲ ਕੰਮਾਂ ਦੇ ਆਧਾਰ 'ਤੇ ਉਨ੍ਹਾਂ ਦਾ ਮੁਲਾਂਕਣ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਲੋਕਾਂ ਨੂੰ ਚੋਣਾਂ ਦੌਰਾਨ ਵਰਤੇ ਜਾਣ ਵਾਲੇ ਹੱਥਕੰਡਿਆਂ, ਦਿਖਾਵੇ ਦੇ ਕੰਮਾਂ ਜਾਂ ਖੋਖਲੇ ਵਾਅਦਿਆਂ ਦੇ ਝਾਂਸੇ ਵਿੱਚ ਨਹੀਂ ਆਉਣਾ ਚਾਹੀਦਾ। ਸਾਡੀ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲ ਆਮ ਲੋਕਾਂ ਦਾ ਜੀਵਨ ਬਿਹਤਰ ਬਣਾਉਣ ਲਈ ਕੰਮ ਕੀਤਾ ਹੈ। ਅਸੀਂ ਆਉਣ ਵਾਲੇ ਸਮੇਂ ਵਿੱਚ ਵਿਕਾਸ ਦੇ ਇਸ ਸਫ਼ਰ ਨੂੰ ਹੋਰ ਅੱਗੇ ਵਧਾਉਣਾ ਚਾਹੁੰਦੇ ਹਾਂ ਅਤੇ ਇਹ ਯਕੀਨੀ ਬਣਾਉਣਾ ਚਾਹੁੰਦੇ ਹਾਂ ਕਿ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲੇ।"
ਪੰਜਾਬ ਦੇ ਨੌਜਵਾਨਾਂ ਲਈ ਵਧੇਰੇ ਮੌਕੇ ਪੈਦਾ ਕਰਨ ਸਬੰਧੀ ਆਪਣੀ ਸੋਚ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਸੂਬੇ ਭਰ ਵਿੱਚ ਯੂ.ਪੀ.ਐਸ.ਸੀ. (ਯੂਨੀਅਨ ਪਬਲਿਕ ਸਰਵਿਸ ਕਮਿਸ਼ਨ) ਕੋਚਿੰਗ ਕੇਂਦਰ ਸਥਾਪਤ ਕੀਤੇ ਜਾਣਗੇ ਤਾਂ ਜੋ ਨੌਜਵਾਨਾਂ ਨੂੰ ਵੱਕਾਰੀ ਸਿਵਲ ਸੇਵਾਵਾਂ ਦੀਆਂ ਪ੍ਰੀਖਿਆਵਾਂ ਲਈ ਤਿਆਰ ਕੀਤਾ ਜਾ ਸਕੇ। ਉਨ੍ਹਾਂ ਕਿਹਾ, "ਸਾਡੇ ਨੌਜਵਾਨਾਂ ਕੋਲ ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀ ਬਣਨ ਦਾ ਮੌਕਾ ਹੋਣਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਭਾਰੀ ਰਕਮ ਖਰਚਣ ਜਾਂ ਆਪਣਾ ਘਰ-ਬਾਰ ਛੱਡਣ ਲਈ ਮਜਬੂਰ ਨਹੀਂ ਹੋਣਾ ਚਾਹੀਦਾ। ਅਸੀਂ ਪੰਜਾਬ ਵਿੱਚ ਅਜਿਹਾ ਮਾਹੌਲ ਸਿਰਜਣਾ ਚਾਹੁੰਦੇ ਹਾਂ ਜਿੱਥੇ ਉਹ ਮਿਆਰੀ ਸਿੱਖਿਆ ਪ੍ਰਾਪਤ ਕਰ ਸਕਣ, ਰੁਜ਼ਗਾਰ ਹਾਸਲ ਕਰ ਸਕਣ ਅਤੇ ਸੂਬੇ ਦੀ ਤਰੱਕੀ ਵਿੱਚ ਯੋਗਦਾਨ ਪਾ ਸਕਣ।"
ਲੋਕਾਂ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਆਦਰਸ਼ਾਂ 'ਤੇ ਚੱਲਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਦੇ ਸਾਂਝੇ ਯਤਨਾਂ ਨਾਲ 'ਰੰਗਲਾ ਪੰਜਾਬ' ਸਿਰਜਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ, "ਲੋਕਾਂ ਦਾ ਪਿਆਰ ਅਤੇ ਅਸੀਸਾਂ ਹੀ ਮੇਰੀ ਸਭ ਤੋਂ ਵੱਡੀ ਤਾਕਤ ਹਨ। ਮੇਰਾ ਇੱਕੋ-ਇੱਕ ਮਕਸਦ ਪੰਜਾਬ ਦੇ ਤਿੰਨ ਕਰੋੜ ਲੋਕਾਂ ਦੇ ਸੁੱਖ-ਦੁੱਖ ਵਿੱਚ ਸ਼ਾਮਲ ਹੋਣਾ ਅਤੇ ਉਨ੍ਹਾਂ ਦੀ ਭਲਾਈ ਲਈ ਅਣਥੱਕ ਕੰਮ ਕਰਨਾ ਹੈ। ਸਾਨੂੰ ਮਿਲ ਕੇ ਇੱਕ ਖੁਸ਼ਹਾਲ ਪੰਜਾਬ ਦੀ ਸਿਰਜਣਾ ਕਰਨੀ ਪਵੇਗੀ, ਜਿੱਥੇ ਹਰ ਪਰਿਵਾਰ ਨੂੰ ਬਰਾਬਰ ਮੌਕੇ, ਮਾਣ-ਸਤਿਕਾਰ ਅਤੇ ਇੱਕ ਬਿਹਤਰ ਭਵਿੱਖ ਮਿਲ ਸਕੇ।"