ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ, ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਗੁਰਦਾਸਪੁਰ ਵਿੱਚ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਵਿਨੋਦ ਕੁਮਾਰ ਦੀ ਸ਼ੱਕੀ ਹਾਲਾਤਾਂ ਵਿੱਚ ਮਿਲੀ ਲਾਸ਼ ਅਤੇ ਉਨ੍ਹਾਂ ਨੂੰ ਗੋਲੀ ਲੱਗਣ ਦੇ ਖਦਸ਼ੇ ਦੀ ਖ਼ਬਰ ਨੂੰ ਬੇਹੱਦ ਦੁਖਦਾਈ ਅਤੇ ਚਿੰਤਾਜਨਕ ਦੱਸਿਆ ਹੈ। ਪਰਿਵਾਰ ਵੱਲੋਂ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ ਕੀਤੇ ਜਾਣ ਦੇ ਲਗਾਏ ਜਾ ਰਹੇ ਦੋਸ਼ਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿੱਚ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ 'ਤੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਜਦੋਂ ਸੂਬੇ ਦੇ ਰੱਖਿਅਕ ਪੁਲਿਸ ਮੁਲਾਜ਼ਮ ਹੀ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ, ਤਾਂ ਆਮ ਨਾਗਰਿਕਾਂ ਦੀ ਸੁਰੱਖਿਆ ਦੀ ਗਾਰੰਟੀ ਕੌਣ ਦੇਵੇਗਾ?
ਸੂਬਾ ਪ੍ਰਧਾਨ ਢਿੱਲੋਂ ਨੇ ਕਿਹਾ ਕਿ ਹਾਲਾਤ ਏਨੇ ਜ਼ਿਆਦਾ ਗੰਭੀਰ ਹਨ ਕਿ ਪਠਾਨਕੋਟ ਵਿੱਚ ਦਿਨ-ਦਿਹਾੜੇ ਨੈਸ਼ਨਲ ਹਾਈਵੇਅ ਉੱਤੇ ਬਦਮਾਸ਼ ਹਥਿਆਰ ਦੀ ਨੋਕ 'ਤੇ ਸ਼ਰੇਆਮ ਗੱਡੀ ਖੋਹ ਕੇ ਫਰਾਰ ਹੋ ਗਏ। ਸ਼ਰੇਆਮ ਲੁੱਟਾਂ ਖੋਹਾਂ ਹੋ ਰਹੀਆਂ ਹਨ ਤੇ ਮੁੱਖ ਮੰਤਰੀ ਸਟੇਜਾਂ ਤੋਂ ਚੁਟਕਲੇ ਸੁਣਾ ਰਹੇ ਹਨ।
ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਵਿੱਚ ਪੁਲਿਸ ਮੁਲਾਜ਼ਮਾਂ ਅਤੇ ਪੁਲਿਸ ਥਾਣਿਆਂ ਨੂੰ ਨਿਸ਼ਾਨਾ ਬਣਾਉਣ ਦੀਆਂ ਦੋ ਦਰਜਨ ਦੇ ਕਰੀਬ ਘਟਨਾਵਾਂ ਸਾਹਮਣੇ ਆਈਆਂ ਹਨ। ਫਰਵਰੀ 2026 ਵਿੱਚ ਗੁਰਦਾਸਪੁਰ ਦੇ ਅਧੀਆਂ ਪਿੰਡ ਵਿੱਚ ਏਐੱਸਆਈ ਗੁਰਨਾਮ ਸਿੰਘ ਅਤੇ ਹੋਮਗਾਰਡ ਜਵਾਨ ਅਸ਼ੋਕ ਕੁਮਾਰ ਦਾ ਕਤਲ ਕੀਤਾ ਗਿਆ । ਮਈ ਵਿੱਚ ਏਐੱਸਆਈ ਜੋਗਾ ਸਿੰਘ ਅਤੇ ਸਤੰਬਰ ਵਿੱਚ ਅੰਮ੍ਰਿਤਸਰ ਵਿਖੇ ਏਐੱਸਆਈ ਹਰਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਅਕਤੂਬਰ ਵਿੱਚ ਵੀ ਪੁਲਿਸ ਮੁਲਾਜ਼ਮਾਂ 'ਤੇ ਗੋਲੀਬਾਰੀ ਦੀਆਂ ਘਟਨਾਵਾਂ ਸਾਹਮਣੇ ਆਈਆਂ।
ਇਸ ਤੋਂ ਇਲਾਵਾ ਦਸੰਬਰ 2024 ਵਿੱਚ ਮਜੀਠਾ ਅਤੇ ਇਸਲਾਮਾਬਾਦ ਪੁਲਿਸ ਥਾਣਿਆਂ ਸਮੇਤ ਬਟਾਲਾ ਅਤੇ ਗੁਰਦਾਸਪੁਰ ਦੇ ਪੁਲਿਸ ਚੌਕੀਆਂ ਨੂੰ ਗ੍ਰਨੇਡ ਹਮਲਿਆਂ ਰਾਹੀਂ ਨਿਸ਼ਾਨਾ ਬਣਾਇਆ ਗਿਆ। ਜਨਵਰੀ 2025 ਵਿੱਚ ਅੰਮ੍ਰਿਤਸਰ ਦੇ ਗੁਮਟਾਲਾ ਅਤੇ ਫਰਵਰੀ ਵਿੱਚ ਫਤਿਹਗੜ੍ਹ ਚੂੜੀਆਂ ਬਾਈਪਾਸ ਪੁਲਿਸ ਚੌਕੀ ਵਿਖੇ ਵੀ ਗ੍ਰਨੇਡ ਹਮਲੇ ਹੋਏ। ਅਪ੍ਰੈਲ 2025 ਵਿੱਚ ਕਿਲਾ ਲਾਲ ਸਿੰਘ ਪੁਲਿਸ ਥਾਣੇ 'ਤੇ RPG ਹਮਲਾ ਵੀ ਹੋਇਆ, ਜਿਸ ਦੀ ਜਾਂਚ NIA ਵੱਲੋਂ ਕੀਤੀ ਗਈ।