ਭਿੱਖੀਵਿੰਡ -ਖੇਮਕਰਨ ਵਿਧਾਨ ਸਭਾ ਹਲਕੇ ਦੇ ਵਿਧਾਇਕ ਸਰਦਾਰ ਸਰਵਨ ਸਿੰਘ ਧੁੰਨ ਨੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਸਬੰਧੀ ਕੇਂਦਰ ਸਰਕਾਰ ਨੂੰ ਕੀਤੀ ਗਈ ਅਪੀਲ ਦਾ ਤਹਿ ਦਿਲੋਂ ਸਵਾਗਤ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਦੀ ਪ੍ਰਤੀਨਿਧਤਾ ਕਰਦਿਆਂ ਉਠਾਈ ਗਈ ਇਹ ਮੰਗ ਬੇਹੱਦ ਸ਼ਲਾਘਾਯੋਗ ਅਤੇ ਸਮੁੱਚੀ ਗੁਰੂ ਨਾਨਕ ਨਾਮ ਲੇਵਾ ਸੰਗਤ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰਦੀ ਹੈ।
ਵਿਧਾਇਕ ਧੁੰਨ ਨੇ ਕੇਂਦਰ ਸਰਕਾਰ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਸਮੁੱਚੀ ਗੁਰੂ ਨਾਨਕ ਨਾਮ ਲੇਵਾ ਸੰਗਤ ਦੀਆਂ ਧਾਰਮਿਕ ਭਾਵਨਾਵਾਂ, ਆਸਥਾ ਅਤੇ ਅਰਦਾਸਾਂ ਦਾ ਸਨਮਾਨ ਕਰਦਿਆਂ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦਾ ਹਾਂ-ਪੱਖੀ ਫ਼ੈਸਲਾ ਲਵੇ।
ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਸਿੱਖ ਜਗਤ ਲਈ ਅਥਾਹ ਸ਼ਰਧਾ, ਅਧਿਆਤਮਿਕਤਾ ਅਤੇ ਇਤਿਹਾਸਕ ਮਹੱਤਤਾ ਦਾ ਮਹੱਤਵਪੂਰਨ ਕੇਂਦਰ ਹੈ। ਉਨਾਂ ਕਿਹਾ ਕਿ ਇਹ ਉਹ ਪਵਿੱਤਰ ਅਸਥਾਨ ਹੈ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਅੰਤਿਮ ਵਰ੍ਹੇ ਬਤੀਤ ਕਰਦਿਆਂ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਮਹਾਨ ਸਿਧਾਂਤਾਂ ਨੂੰ ਅਮਲੀ ਰੂਪ ਵਿੱਚ ਸਾਕਾਰ ਕੀਤਾ। ਉਨਾਂ ਕਿਹਾ ਕਿ ਇਸ ਪਵਿੱਤਰ ਅਸਥਾਨ ਦੇ ਦਰਸ਼ਨ-ਦੀਦਾਰ ਕਰਨਾ ਸੰਸਾਰ ਭਰ ਦੇ ਵੱਖ ਵੱਖ ਕੌੜਿਆਂ ਵਿੱਚ ਵੱਸਦੀ ਸਿੱਖ ਸੰਗਤ ਦੀਆਂ ਚਿਰੋਕਣੀਆਂ ਸੱਧਰਾਂ ਅਤੇ ਅਧਿਆਤਮਿਕ ਤਾਂਘਾਂ ਵਿੱਚ ਸ਼ਾਮਲ ਹੈ।
ਵਿਧਾਇਕ ਧੁੰਨ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਸਿਰਫ਼ ਭਾਰਤ ਅਤੇ ਪਾਕਿਸਤਾਨ ਨੂੰ ਜੋੜਨ ਵਾਲਾ ਰਸਤਾ ਹੀ ਨਹੀਂ, ਸਗੋਂ ਇਹ ਗੁਰੂ ਸਾਹਿਬ ਦੀ ਸਰਬ-ਸਾਂਝੀਵਾਲਤਾ, ਮਾਨਵਤਾ, ਆਪਸੀ ਸਦਭਾਵਨਾ ਅਤੇ ਸ਼ਾਂਤੀ ਦੇ ਸਰਬਵਿਆਪੀ ਸੰਦੇਸ਼ ਦਾ ਪ੍ਰਤੀਕ ਵੀ ਹੈ। ਉਨਾਂ ਕਿਹਾ ਕਿ ਇਸ ਲਾਂਘੇ ਰਾਹੀਂ ਸੰਗਤ ਨੂੰ ਗੁਰੂ ਸਾਹਿਬ ਦੀ ਚਰਨਛੋਹ ਪ੍ਰਾਪਤ ਧਰਤੀ ਦੇ ਦਰਸ਼ਨ ਕਰਨ ਅਤੇ ਆਪਣੀ ਅਧਿਆਤਮਿਕ ਆਸਥਾ ਨੂੰ ਹੋਰ ਆਪਣੀ ਅਧਿਆਤਮਿਕ ਸ਼ਰਧਾ ਨੂੰ ਹੋਰ ਦ੍ਰਿੜ੍ਹ ਕਰਨ ਦਾ ਸੁਭਾਗ ਹਾਸਲ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਮਾਮਲੇ ਨੂੰ ਮਹਿਜ਼ ਪ੍ਰਸ਼ਾਸਨਿਕ ਜਾਂ ਸਰਹੱਦੀ ਵਿਸ਼ਾ ਸਮਝਣ ਦੀ ਬਜਾਏ ਕਰੋੜਾਂ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਆਸਥਾ ਨਾਲ ਜੁੜੇ ਅਤਿ ਸੰਵੇਦਨਸ਼ੀਲ ਮਾਮਲੇ ਵਜੋਂ ਵਿਚਾਰਨਾ ਚਾਹੀਦਾ ਹੈ।
ਵਿਧਾਇਕ ਧੁੰਨ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦਾ ਫ਼ੈਸਲਾ ਸਮੁੱਚੀ ਸਿੱਖ ਕੌਮ ਲਈ ਇਤਿਹਾਸਕ ਅਤੇ ਯਾਦਗਾਰੀ ਤੋਹਫ਼ਾ ਸਾਬਤ ਹੋਵੇਗਾ ਅਤੇ ਇਸ ਨਾਲ ਲੱਖਾਂ ਸ਼ਰਧਾਲੂਆਂ ਦੀਆਂ ਚਿਰੋਕਣੀਆਂ ਅਰਦਾਸਾਂ ਨੂੰ ਵੀ ਬੂਰ ਪਵੇਗਾ।