ਮੋਹਾਲੀ- ਮੋਹਾਲੀ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਵਿਗੜਦੀ ਸਥਿਤੀ ਅਤੇ ਲਗਾਤਾਰ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਨੂੰ ਲੈ ਕੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਸਖ਼ਤ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੋਹਾਲੀ ਵਰਗੇ ਯੋਜਨਾਬੱਧ ਅਤੇ ਤੇਜ਼ੀ ਨਾਲ ਵਿਕਸਤ ਹੋ ਰਹੇ ਸ਼ਹਿਰ ਵਿੱਚ ਜਿਸ ਤਰ੍ਹਾਂ ਦਿਨ-ਦਿਹਾੜੇ ਫਾਇਰਿੰਗ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਉਹ ਬੇਹੱਦ ਚਿੰਤਾਜਨਕ ਹਨ। ਸ਼ਹਿਰ ਦੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰਨ ਲੱਗ ਪਏ ਹਨ ਅਤੇ ਪੁਲਿਸ ਪ੍ਰਸ਼ਾਸਨ ਨੂੰ ਇਸ ਸਥਿਤੀ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ।
ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਹਾਲ ਹੀ ਵਿੱਚ ਮੋਹਾਲੀ ਵਿੱਚ ਦੋ ਵੱਖ-ਵੱਖ ਥਾਵਾਂ ’ਤੇ ਫਾਇਰਿੰਗ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਪਹਿਲਾਂ ਇੱਕ ਆਰਕੀਟੈਕਟ ਦੇ ਫੇਜ਼-11 ਸਥਿਤ ਘਰ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਇਸ ਤੋਂ ਬਾਅਦ ਸੈਕਟਰ-79 ਸਥਿਤ ਹੇਅਰ ਮਾਸਟਰ ਸੈਲੂਨ ’ਤੇ ਗੋਲੀਆਂ ਚਲਾਈਆਂ ਗਈਆਂ। ਦੋਵੇਂ ਘਟਨਾਵਾਂ ਵਿਚਕਾਰ ਕਰੀਬ ਅੱਧੇ ਘੰਟੇ ਦਾ ਫ਼ਰਕ ਦੱਸਿਆ ਜਾ ਰਿਹਾ ਹੈ। ਹਮਲਾਵਰ ਮੋਟਰਸਾਈਕਲ ’ਤੇ ਸਵਾਰ ਸਨ ਅਤੇ ਵਾਰਦਾਤਾਂ ਨੂੰ ਅੰਜਾਮ ਦੇਣ ਤੋਂ ਬਾਅਦ ਫ਼ਰਾਰ ਹੋ ਗਏ। ਖੁਸ਼ਕਿਸਮਤੀ ਨਾਲ ਇਨ੍ਹਾਂ ਘਟਨਾਵਾਂ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਲੋਕਾਂ ਦੇ ਮਨਾਂ ਵਿੱਚ ਡਰ ਦਾ ਮਾਹੌਲ ਜ਼ਰੂਰ ਪੈਦਾ ਹੋਇਆ ਹੈ।
ਉਨ੍ਹਾਂ ਕਿਹਾ ਕਿ ਸਭ ਤੋਂ ਹੈਰਾਨੀਜਨਕ ਗੱਲ ਇਹ ਹੈ ਕਿ ਇਸੇ ਸੈਲੂਨ ’ਤੇ ਪਹਿਲਾਂ ਵੀ 2 ਸਤੰਬਰ ਨੂੰ ਫਾਇਰਿੰਗ ਹੋ ਚੁੱਕੀ ਹੈ। ਇੱਕੋ ਕਾਰੋਬਾਰੀ ਅਦਾਰੇ ਨੂੰ ਵਾਰ-ਵਾਰ ਨਿਸ਼ਾਨਾ ਬਣਾਇਆ ਜਾਣਾ ਪੁਲਿਸ ਦੀ ਕਾਰਜਪ੍ਰਣਾਲੀ ਅਤੇ ਅਪਰਾਧੀਆਂ ਵਿੱਚ ਕਾਨੂੰਨ ਦਾ ਡਰ ਹੋਣ ਸਬੰਧੀ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਜੇਕਰ ਅਪਰਾਧੀ ਵਾਰ-ਵਾਰ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਹਿੰਮਤ ਕਰ ਰਹੇ ਹਨ ਤਾਂ ਇਹ ਸ਼ਹਿਰ ਦੀ ਸੁਰੱਖਿਆ ਵਿਵਸਥਾ ਲਈ ਚਿੰਤਾ ਦਾ ਵਿਸ਼ਾ ਹੈ।
ਬੇਦੀ ਨੇ ਕਿਹਾ ਕਿ ਮੋਹਾਲੀ ਵਿੱਚ ਸਿਰਫ਼ ਅਮਨ-ਕਾਨੂੰਨ ਦੀ ਸਥਿਤੀ ਹੀ ਨਹੀਂ, ਸਗੋਂ ਟ੍ਰੈਫਿਕ ਵਿਵਸਥਾ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਸ਼ਹਿਰ ਦੀ ਆਬਾਦੀ, ਵਾਹਨਾਂ ਦੀ ਗਿਣਤੀ ਅਤੇ ਬਾਹਰੋਂ ਆਉਣ-ਜਾਣ ਵਾਲੇ ਲੋਕਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਪਰ ਉਸ ਅਨੁਪਾਤ ਵਿੱਚ ਟ੍ਰੈਫਿਕ ਪ੍ਰਬੰਧਨ ਅਤੇ ਪੁਲਿਸ ਦੀ ਨਫ਼ਰੀ ਵਿੱਚ ਵਾਧਾ ਨਹੀਂ ਕੀਤਾ ਗਿਆ। ਸ਼ਹਿਰ ਦੇ ਮੁੱਖ ਚੌਕਾਂ, ਬਾਜ਼ਾਰਾਂ ਅਤੇ ਸੜਕਾਂ ’ਤੇ ਅਕਸਰ ਟ੍ਰੈਫਿਕ ਜਾਮ ਦੀ ਸਥਿਤੀ ਬਣੀ ਰਹਿੰਦੀ ਹੈ। ਕਈ ਵਾਰ ਲੋਕਾਂ ਨੂੰ ਆਪਣੀ ਮੰਜ਼ਿਲ ’ਤੇ ਪਹੁੰਚਣ ਲਈ ਕਾਫ਼ੀ ਸਮਾਂ ਸੜਕਾਂ ’ਤੇ ਹੀ ਬਿਤਾਉਣਾ ਪੈਂਦਾ ਹੈ।
ਉਨ੍ਹਾਂ ਕਿਹਾ ਕਿ ਪੁਲਿਸ ਦੀ ਨਫ਼ਰੀ ਬਹੁਤ ਘੱਟ ਹੈ। ਉਨ੍ਹਾਂ ਅਨੁਸਾਰ ਪੂਰੇ ਐੱਸਏਐੱਸ ਨਗਰ ਜ਼ਿਲ੍ਹੇ ਵਿੱਚ ਜਿੰਨੀ ਪੁਲਿਸ ਫੋਰਸ ਤਾਇਨਾਤ ਹੈ, ਉਸ ਦੇ ਮੁਕਾਬਲੇ ਚੰਡੀਗੜ੍ਹ ਵਿੱਚ ਇਕੱਲੇ ਹੀ ਵੱਡੀ ਪੁਲਿਸ ਨਫ਼ਰੀ ਮੌਜੂਦ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੋਹਾਲੀ ਵਿੱਚ ਤਾਇਨਾਤ ਪੁਲਿਸ ਮੁਲਾਜ਼ਮਾਂ ਦਾ ਵੱਡਾ ਹਿੱਸਾ ਵੀਆਈਪੀ ਡਿਊਟੀਆਂ ਅਤੇ ਹੋਰ ਵਿਸ਼ੇਸ਼ ਡਿਊਟੀਆਂ ਵਿੱਚ ਹੀ ਰੁੱਝਿਆ ਰਹਿੰਦਾ ਹੈ। ਇਸ ਕਾਰਨ ਆਮ ਲੋਕਾਂ ਦੀ ਸੁਰੱਖਿਆ, ਰਾਤ ਦੀ ਗਸ਼ਤ, ਪੈਟਰੋਲਿੰਗ ਅਤੇ ਟ੍ਰੈਫਿਕ ਕੰਟਰੋਲ ਲਈ ਲੋੜੀਂਦੀ ਪੁਲਿਸ ਉਪਲਬਧ ਨਹੀਂ ਰਹਿੰਦੀ।
ਬੇਦੀ ਨੇ ਕਿਹਾ ਕਿ ਸ਼ਹਿਰ ਵਿੱਚ ਸਨੈਚਿੰਗ ਦੀਆਂ ਘਟਨਾਵਾਂ ਵੀ ਲੋਕਾਂ ਲਈ ਵੱਡੀ ਸਮੱਸਿਆ ਬਣ ਰਹੀਆਂ ਹਨ। ਮੋਟਰਸਾਈਕਲ ਸਵਾਰ ਸਨੈਚਰ ਥਾਂ-ਥਾਂ ਘੁੰਮਦੇ ਹਨ ਅਤੇ ਖ਼ਾਸ ਕਰਕੇ ਔਰਤਾਂ ਨੂੰ ਨਿਸ਼ਾਨਾ ਬਣਾਉਂਦੇ ਹਨ। ਬਾਜ਼ਾਰਾਂ, ਸੜਕਾਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਇਕੱਲੀਆਂ ਜਾਣ ਵਾਲੀਆਂ ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਰਹੀ ਹੈ। ਇਸ ਤੋਂ ਇਲਾਵਾ ਨਸ਼ਿਆਂ ਦਾ ਵਧਦਾ ਪ੍ਰਭਾਵ ਵੀ ਸਮਾਜ ਲਈ ਗੰਭੀਰ ਚੁਣੌਤੀ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਅਤੇ ਅਪਰਾਧ ਇੱਕ-ਦੂਜੇ ਨਾਲ ਜੁੜੀਆਂ ਸਮੱਸਿਆਵਾਂ ਹਨ, ਇਸ ਲਈ ਇਨ੍ਹਾਂ ਵਿਰੁੱਧ ਠੋਸ ਕਾਰਵਾਈ ਦੀ ਲੋੜ ਹੈ।
ਉਨ੍ਹਾਂ ਪੁਲਿਸ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੋਹਾਲੀ ਵਿੱਚ ਪੁਲਿਸ ਦੀ ਨਫ਼ਰੀ ਤੁਰੰਤ ਵਧਾਈ ਜਾਵੇ, ਵੀਆਈਪੀ ਡਿਊਟੀਆਂ ਦੇ ਨਾਲ-ਨਾਲ ਆਮ ਲੋਕਾਂ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਜਾਵੇ, ਸੰਵੇਦਨਸ਼ੀਲ ਇਲਾਕਿਆਂ ਵਿੱਚ ਰਾਤ ਦੀ ਗਸ਼ਤ ਵਧਾਈ ਜਾਵੇ ਅਤੇ ਸਨੈਚਿੰਗ ਤੇ ਫਾਇਰਿੰਗ ਦੀਆਂ ਘਟਨਾਵਾਂ ਵਿੱਚ ਸ਼ਾਮਲ ਅਪਰਾਧੀਆਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਮੋਹਾਲੀ ਦੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਦੇਣਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਮੁੱਢਲੀ ਜ਼ਿੰਮੇਵਾਰੀ ਹੈ। ਜੇਕਰ ਸਮੇਂ ਸਿਰ ਢੁੱਕਵੇਂ ਕਦਮ ਨਾ ਚੁੱਕੇ ਗਏ ਤਾਂ ਸ਼ਹਿਰ ਵਿੱਚ ਅਪਰਾਧਿਕ ਘਟਨਾਵਾਂ ਅਤੇ ਟ੍ਰੈਫਿਕ ਦੀ ਸਮੱਸਿਆ ਹੋਰ ਗੰਭੀਰ ਹੋ ਸਕਦੀ ਹੈ।