ਸ੍ਰੀ ਨਨਕਾਣਾ ਸਾਹਿਬ -ਪਾਕਿਸਤਾਨ ਵਿੱਚ ਮਨਾਏ ਜਾ ਰਹੇ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਨਗਰ ਕੀਰਤਨ ਵਿੱਚ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼ਮੂਲੀਅਤ ਕੀਤੀ। ਇਹ ਨਗਰ ਕੀਰਤਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਗੁਰਪੁਰਬ ਮੌਕੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸੁਭਾਏਮਾਨ ਕੀਤੇ ਅਤੇ ਉਨ੍ਹਾਂ ਸੰਗਤ ਵਿੱਚ ਪੈਦਲ ਚੱਲ ਕੇ ਨਗਰ ਕੀਰਤਨ ਵਿੱਚ ਸ਼ਮੂਲੀਅਤ ਕੀਤੀ ਤੇ ਸ੍ਰੀ ਨਨਕਾਣਾ ਸਾਹਿਬ ਵਿਖੇ ਸਥਿਤ ਗੁਰਦੁਆਰਾ ਤੰਬੂ ਸਾਹਿਬ, ਗੁਰਦੁਆਰਾ ਪਾਤਸ਼ਾਹੀ ਪੰਜਵੀਂ ਤੇ ਛੇਵੀਂ, ਗੁਰਦੁਆਰਾ ਮਾਲ ਜੀ ਸਾਹਿਬ, ਗੁਰਦੁਆਰਾ ਕਿਆਰਾ ਸਾਹਿਬ ਵਿਖੇ ਸੰਗਤ ਨਾਲ ਨਤਮਸਤਕ ਹੋਏ। ਨਗਰ ਕੀਰਤਨ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲ ਕੇ ਗੁਰਦੁਆਰਾ ਕਿਆਰਾ ਸਾਹਿਬ ਵਿਖੇ ਸੰਪੂਰਨ ਹੋਇਆ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਨਨਕਾਣਾ ਸਾਹਿਬ ਪੁੱਜੇ ਪੰਜ ਪਿਆਰਿਆਂ ਨੇ ਵੀ ਨਗਰ ਕੀਰਤਨ ਵਿੱਚ ਸੇਵਾ ਨਿਭਾਈ। ਪਾਕਿਸਤਾਨ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ. ਰਮੇਸ਼ ਸਿੰਘ ਅਰੋੜਾ, ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਦਇਆ ਸਿੰਘ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਰਹੀਆਂ। ਲੱਖਾਂ ਦੀ ਗਿਣਤੀ ਵਿੱਚ ਸਿੱਖ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਗੁਰਪੁਰਬ ਮੌਕੇ ਸ੍ਰੀ ਨਨਕਾਣਾ ਸਾਹਿਬ ਵਿਖੇ ਨਤਮਸਤਕ ਹੋਈ।